ਪੱਤਰ ਪ੍ਰੇਰਕ
ਦੋਰਾਹਾ, 20 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ ਨੇ ਕਿਹਾ ਕਿ ਯੂਨੀਅਨ ਸਹਿਯੋਗੀ ਜਥੇਬੰਦੀਆਂ ਨਾਲ ਮਿਲ ਕੇ ਪੰਜ ਅਗਸਤ ਨੂੰ ਵੱਡਾ ਇਕੱਠ ਕਰ ਕੇ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਅੱਗੇ ਸਰਕਾਰਾਂ ਨੂੰ ਨੋਟਿਸ ਦੇਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਣੀਆਂ ਦਾ ਮੁੱਦਾ ਪੰਜਾਬ ਵਾਸੀਆਂ ਲਈ ਖ਼ਾਸ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪਾਣੀਆਂ ਦੀ ਬਰਬਾਦੀ, ਸਰਕਾਰਾਂ ਦੀਆਂ ਨਾਅਹਿਲੀਅਤ ਕਰ ਕੇ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਦਾ ਕਰੇ ਅਤੇ ਕੇਂਦਰ ਸਰਕਾਰ ਪਾਣੀਆਂ ਦੀ ਲੁੱਟ ਬੰਦ ਕਰੇ।
ਰਾਜਿੰਦਰ ਸਿੰਘ ਅਤੇ ਗੁਰਦੀਪ ਸਿੰਘ ਨੇ ਕਿਹਾ ਕਿ ਪਾਣੀਆਂ ਦੀ ਵੰਡ ਰਾਜਾਂ ਦੇ ਅਧਿਕਾਰ ਖੇਤਰ ਦੇ ਵਿਸ਼ੇ ਵਿਚ ਕੇਂਦਰ ਸਰਕਾਰ ਆਪਣੀ ਦਖ਼ਲਅੰਦਾਜ਼ੀ ਨਾ ਕਰੇ। ਇਸੇ ਨੂੰ ਮੁੱਖ ਰੱਖਦਿਆਂ ਇਕ ਮਹੀਨੇ ਦਾ ਨੋਟਿਸ ਦੇਣ ਲਈ ਪੰਜ ਅਗਸਤ ਦਾ ਦਿਨ ਪੰਜਾਬ ਲਈ ਇਤਿਹਾਸਕ ਹੋਵੇਗਾ। ਇਸ ਮੌਕੇ ਗੁਰਦੀਪ ਸਿੰਘ, ਅਜਮੇਰ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।