ਦੇਵਿੰਦਰ ਸਿੰਘ ਜੱਗੀ
ਪਾਇਲ, 18 ਦਸੰਬਰ
ਦਿੱਲੀ ਦੀਆਂ ਬਰੂਹਾਂ ’ਤੇ ਦਿਨ-ਰਾਤ ਸੰਘਰਸ਼ ਕਰਕੇ ਫਤਹਿ ਹਾਸਲ ਕਰਨ ਵਾਲੇ ਕਿਸਾਨਾਂ ਦਾ ਗੁਰਦੁਆਰਾ ਸ੍ਰੀ ਨਿੰਮਸਰ ਸਾਹਿਬ ਘੁਡਾਣੀ ਕਲਾਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਯੋਧਿਆਂ ਨੂੰ ਸਿਰੋਪਾਓ ਅਤੇ ਲੋਈਆਂ ਦੇਣ ਤੋਂ ਬਾਅਦ ਕਮੇਟੀ ਮੈਂਬਰ ਰਘਵੀਰ ਸਿੰਘ ਸਹਾਰਨ ਮਾਜਰਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਿੱਚ ਕਿਸਾਨਾਂ-ਮਜ਼ਦੂਰਾਂ ਦਾ ਵੱਡਾ ਯੋਗਦਾਨ ਹੈ, ਜੋ ਲੰਮਾ ਸਮਾਂ ਦਿੱਲੀ ਦੀਆਂ ਹੱਦਾਂ ’ਤੇ ਡਟੇ ਰਹੇ ਹਨ, ਉਹ ਵਧਾਈ ਦੇ ਪਾਤਰ ਹਨ। ਇਸ ਮੌਕੇ ਜਗਦੇਵ ਸਿੰਘ ਬੋਪਾਰਾਏ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਕਿਸਾਨ ਮੋਰਚੇ ਦੇ ਆਗੂ ਬੂਟਾ ਸਿੰਘ ਰਾਏਪੁਰ, ਬੀਕੇਯੂ ਏਕਤਾ ਉਗਰਾਹਾਂ ਦੇ ਯੁਵਰਾਜ ਸਿੰਘ ਘੁਡਾਣੀ, ਸੁਖਪ੍ਰੀਤ ਸਿੰਘ ਸੁੱਖਾ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਜਗਜੀਤ ਸਿੰਘ, ਨਿਰਮਲ ਸਿੰਘ, ਗਾਇਕ ਗੁਰਪ੍ਰੀਤ ਸਿੰਘ ਬਿੱਲਾ, ਨਿਰਮਲ ਸਿੰਘ, ਜਾਗਰ ਸਿੰਘ, ਸੰਤੋਖ ਸਿੰਘ, ਸਿਮਰਦੀਪ ਸਿੰਘ ਦੌਬੁਰਜੀ, ਕੁਲਦੀਪ ਸਿੰਘ, ਬੀਬੀ ਜਸਪ੍ਰੀਤ ਕੌਰ ਅੜੈਚਾ ਦਾ ਸਨਮਾਨ ਕੀਤਾ ਗਿਆ।
ਜਗਰਾਉਂ (ਜਸਬੀਰ ਸ਼ੇਤਰਾ): ਨੇੜਲੇ ਪਿੰਡ ਭੰਮੀਪੁਰਾ ਵਿੱਚ ਅੱਜ ਪਿੰਡ ਵਾਸੀਆਂ ਨੇ ਕਿਸਾਨ ਜਥੇਬੰਦੀ ਨਾਲ ਮਿਲ ਕੇ ਇਕ ਸਮਾਗਮ ਕਰਵਾਇਆ। ਤਿੰਨ ਖੇਤੀ ਕਾਨੂੰਨ ਰੱਦ ਹੋਣ ਦੀ ਖੁਸ਼ੀ ’ਚ ਕਰਵਾਏ ਇਸ ਜੇਤੂ ਸਮਾਗਮ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਨੇ ਇਕ ਸਾਲ ਤੱਕ ਦਿੱਲੀ ਹੱਦ ’ਤੇ ਡਟੇ ਰਹੇ ਬਲਦੇਵ ਸਿੰਘ ਮਾਣੂੰਕੇ ਸਮੇਤ ਦਿੱਲੀ ਹੱਦਾਂ ’ਤੇ ਲਗਾਤਾਰ ਹਾਜ਼ਰੀ ਭਰਦੇ ਰਹੇ ਕਿਸਾਨਾਂ ਨੂੰ ਸਨਮਾਨਿਤ ਕੀਤਾ।