ਪਾਵਰਕੌਮ ਪੈਨਸ਼ਨਰਾਂ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ
ਅੱਜ ਇਥੇ ਪੈਨਸ਼ਨਰਜ਼ ਐਸੋਸ਼ੀਏਸ਼ਨ ਪਾਵਰਕੌਮ ਟ੍ਰਾਂਸਕੋ ਦੇ ਮੈਬਰਾਂ ਦੀ ਇੱਕਤਰਤਾ ਰਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਸਬ-ਡਿਵੀਜ਼ਨਾਂ ਦੇ ਸੇਵਾ ਮੁਕਤ ਮੁਲਾਜ਼ਮਾਂ ਨੇ ਵੱਖ ਵੱਖ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਤਰਸੇਮ ਲਾਲ ਅਤੇ ਕ੍ਰਿਸ਼ਨ ਕੁਮਾਰ ਵਿਧਾਇਕ ਨੇ ਕਿਹਾ ਕਿ ਪਾਵਰਕਾਮ ਟ੍ਰਾਂਸਕੋ ਮੈਨੇਜਮੈਂਟ, ਕੇਂਦਰ ਤੇ ਪੰਜਾਬ ਸਰਕਾਰਾਂ ਬਿਜਲੀ ਬੋਰਡਾਂ ਦੇ ਅਦਾਰਿਆਂ ਸਮੇਤ ਵੱਖ-ਵੱਖ ਵਿਭਾਗਾਂ ਨੂੰ ਨਿੱਜੀਕਰਨ ਦੀ ਨੀਤੀ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਸਪੂਰਦ ਕਰਨ ਲਈ ਫੈਸਲੇ ਲੈ ਰਹੀ ਹੈ, ਸੇਵਾ ਮੁਕਤ ਕਾਮਿਆਂ ਨੂੰ ਮਿਲਦੀਆਂ ਪੈਨਸ਼ਨਾਂ ਅਤੇ ਹੋਰ ਭੱਤਿਆਂ ਨੂੰ ਖਤਮ ਕੀਤਾ ਜਾ ਰਿਹਾ ਹੈ, ਠੇਕਾ ਪ੍ਰਣਾਲੀ ਆਊਟ ਸੋਰਸਿੰਗ ਦੀ ਨੀਤੀ ਲਾਗੂ ਕਰਕੇ ਪੱਕੇ ਰੁਜ਼ਗਾਰ ਨੂੰ ਖਤਮ ਕੀਤਾ ਜਾ ਰਿਹਾ ਹੈ ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਚੋਣਾਂ ਤੋਂ ਪਹਿਲਾ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿਵਾਇਆ ਸੀ ਪਰ ਸਾਢੇ ਤਿੰਨ ਸਾਲ ਬੀਤਣ ’ਤੇ ਵੀ ਕੋਈ ਮੰਗ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਵੱਖ ਵੱਖ ਜੱਥੇਬੰਦੀਆਂ ਨੂੰ ਹੱਕੀਂ ਮੰਗਾਂ ਸਬੰਧੀ ਇਕ ਫਰੰਟ ’ਤੇ ਇੱਕਠੇ ਹੋ ਕੇ ਸੰਘਰਸ਼ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ 12 ਅਗਸਤ ਤੱਕ ਤਹਿਸੀਲ ਅਤੇ ਜ਼ਿਲ੍ਹਾ ਹੈਡ ਕੁਆਟਰਾਂ ’ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਮੁਜ਼ਾਹਰੇ ਵਿਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ। ਉਪਰੋਕਤ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਹਰਬੰਸ ਸਿੰਘ ਦੋਬੁਰਜੀ, ਸੁਰਜੀਤ ਸਿੰਘ, ਭਗਵੰਤ ਸਿੰਘ, ਜਗਦੇਵ ਸਿੰਘ, ਅਵਤਾਰ ਸਿੰਘ, ਰਾਮ ਸਰੂਪ, ਸਿਕੰਦਰ ਸਿੰਘ ਹਾਜ਼ਰ ਸਨ।