ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਅਕਤੂਬਰ
ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ 6.78.702 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਦੋਂ ਕਿ ਪਿਛਲੇ ਸਾਲ ਇਹ ਅੰਕੜਾ 5.14.907 ਮੀਟਰਕ ਟਨ ਸੀ ਅਤੇ ਹੁਣ ਤੱਕ ਕਿਸਾਨਾਂ ਨੂੰ ਝੋਨੇ ਦੀ 706 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਅਨਾਜ ਮੰਡੀਆਂ ਵਿੱਚੋਂ ਤੁਰੰਤ ਚੁੱਕ ਲਈ ਜਾਵੇ ਅਤੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਆੜ੍ਹਤੀਆਂ ਨੂੰ ਵੀ ਭਰੋਸਾ ਦਿਵਾਇਆ ਕਿ ਝੋਨੇ ਦੀ ਢੋਆ-ਢੋਆਈ ਅਤੇ ਸਟੋਰੇਜ਼ ਵਿੱਚ ਵੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਐੱਸਐੱਸਪੀ ਦਾਮਿਆ ਹਰੀਸ਼ ਕੁਮਾਰ, ਓਮ ਪ੍ਰਕਾਸ਼, ਵਧੀਕ ਡਿਪਟੀ ਕਮਿਸਨਰ ਅਮਰਜੀਤ ਬੈਂਸ, ਐੱਸਡੀਐੱਮ ਮਨਜੀਤ ਕੌਰ, ਸਿਫਾਲੀ ਚੋਪੜਾ, ਹਰਬੰਸ ਸਿੰਘ ਰੋਸਾ, ਗੁਰਦਿਆਲ ਸਿੰਘ ਅਤੇ ਬੀਰਇੰਦਰ ਸਿੰਘ ਸਿੱਧੂ ਹਾਜ਼ਰ ਸਨ।