ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ
ਸ਼ਹੀਦ ਮਾ. ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਮੁੱਖ ਲੀਡਰਾਂ ਦੀ ਕਸਬਾ ਈਸੜੂ ਵਿੱਚ ਆਮਦ ਨੂੰ ਧਿਆਨ ’ਚ ਰੱਖਦਿਆਂ ਪੁਲੀਸ ਜ਼ਿਲ੍ਹਾ ਖੰਨਾ ਦੇ ਮੁਖੀ ਡਾ. ਜੋਤੀ ਯਾਦਵ ਬੈਂਸ ਦੀ ਸਮੁੱਚੀ ਟੀਮ ਨੇ ਹੁਣੇ ਤੋਂ ਹੀ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਇਸ ਸਬੰਧੀ ਡੀਐੱਸਪੀ ਹੈਡਕੁਆਰਟਰ ਹਰਪਿੰਦਰ ਕੌਰ, ਐੱਸਐੱਚਓ ਸਦਰ ਖੰਨਾ ਸੁਖਵਿੰਦਰਪਾਲ ਸਿੰਘ ਸੋਹੀ, ਚੌਕੀ ਇੰਚਾਰਜ ਈਸੜੂ ਬਲਬੀਰ ਸਿੰਘ, ਸਕਿਓਰਟੀ ਇੰਚਾਰਜ ਕੁਲਵੀਰ ਸਿੰਘ, ਓਐੱਸਆਈ ਗੁਰਪ੍ਰੀਤ ਸਿੰਘ ਤੇ ਸਪੈਸ਼ਲ ਬ੍ਰਾਂਚ ਦੇ ਮੁਖੀ ਜਰਨੈਲ ਸਿੰਘ ਨੇ ਸ਼ਹੀਦ ਕਰਨੈਲ ਸਿੰਘ ਦੇ ਆਦਮਕੱਦ ਬੁੱਤ, ਸ਼ਹੀਦ ਭੁਪਿੰਦਰ ਸਿੰਘ ਦੇ ਬੁੱਤ, ਹੈਲੀਪੈਡ ਵਾਲੀ ਥਾਂ ਅਤੇ ਬਾਹਰੋਂ ਆਉਣ ਵਾਲੀ ਫੋਰਸ ਦੇ ਰਹਿਣ ਲਈ ਪਾਰਕਵਿਊ ਪੈਲੇਸ ਦਾ ਦੌਰਾ ਕਰ ਕੇ ਆਪਣੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਸੁਰੱਖਿਆ ਪ੍ਰਬੰਧਾਂ ਦੀ ਰੂਪ ਰੇਖਾ ਤਿਆਰ ਕੀਤੀ।
ਇੱਥੇ ਵਰਨਣਯੋਗ ਹੈ ਕਿ ਸ਼ਹੀਦ ਕਰਨੈਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਭਾਜਪਾ ਦੇ ਉਪ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਆਦਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਸਾਰੇ ਪ੍ਰਮੁੱਖ ਲੀਡਰ 15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੁੱਜਣਗੇ।