ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 2 ਨਵੰਬਰ
ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਵਾਰਡ ਨੰਬਰ-2 ਵਿੱਚ ਜ਼ਮੀਨੀ ਪੱਧਰ ’ਤੇ ਸੀਵਰੇਜ਼ ਵਿਵਸਥਾ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਭੋਲਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਾਰਡ ਦੇ ਵਸਨੀਕਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ਼ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਦਾ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇਲਾਕਿਆਂ ਵਿੱਚ ਬਰਸਾਤੀ ਮੌਸਮ ਦੌਰਾਨ ਤਾਂ ਹਾਲਾਤ ਬੇਹੱਦ ਮਾੜੇ ਹੋ ਜਾਂਦੇ ਹਨ ਅਤੇ ਬਦਬੂ ਫੈਲਣ ਕਾਰਨ ਲੋਕ ਨਰਕ ਭਰਿਆ ਜੀਵਨ ਬਤੀਤ ਕਰਦੇ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਸਬੰਧਤ ਅਧਿਕਾਰੀਆਂ ਨਾਲ ਇਸ ਸਬੰਧੀ ਮੀਟਿੰਗ ਕੀਤੀ ਗਈ ਸੀ ਅਤੇ ਮੀਟਿੰਗ ਦੌਰਾਨ ਵਸਨੀਕਾਂ ਵੱਲੋਂ ਆਪਣੀ ਪ੍ਰੇਸ਼ਾਨੀਆਂ ਤੋਂ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਅਧਿਕਾਰੀਆਂ ਵੱਲੋਂ ਵੀ ਜਲਦ ਇਸ ਦਾ ਢੁੱਕਵਾਂ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ ਸੀ। ਵਿਧਾਇਕ ਭੋਲਾ ਗਰੇਵਾਲ ਵੱਲੋਂ ਅਧਿਕਾਰੀਆਂ ਨੂੰ ਮਸ਼ੀਨਾਂ ਰਾਹੀਂ ਸੀਵਰੇਜ ਦੀ ਸਫ਼ਾਈ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਸਨ।