ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਦੇ ਪ੍ਰਾਜੈਕਟ ਦਾ ਜਾਇਜ਼ਾ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 7 ਮਾਰਚ
ਬੁੱਢੇ ਦਰਿਆ ਅਤੇ ਘੱਗਰ ਦਰਿਆ ਬਾਰੇ ਵਿਧਾਨ ਸਭਾ ਕਮੇਟੀ ਨੇ ਸ਼ੁੱਕਰਵਾਰ ਨੂੰ 225 ਐੱਮਐੱਲਡੀ ਜਮਾਲਪੁਰ ਸੀਵਰ ਟਰੀਟਮੈਂਟ ਪਲਾਂਟ (ਐੱਸਟੀਪੀ) ਵਿੱਚ ਮੀਟਿੰਗ ਦੌਰਾਨ ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਦੇ ਪ੍ਰਾਜੈਕਟ ਦੀ ਸਮੀਖਿਆ ਕੀਤੀ।
ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਸਮੇਤ ਹੋਰਾਂ ਨੇ ਮੀਟਿੰਗ ਵਿੱਚ ਹਿੱਸਾ ਲਿਆ। ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਗੋਬਰ ਅਤੇ ਅਣਸੋਧੇ ਉਦਯੋਗਿਕ ਗੰਦੇ ਪਾਣੀ ਦੇ ਦਰਿਆ ਵਿੱਚ ਵਹਾਅ ਨੂੰ ਰੋਕਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ। ਪੇਡਾ ਅਧਿਕਾਰੀਆਂ ਨੂੰ ਤਾਜਪੁਰ ਰੋਡ ਡੇਅਰੀ ਕੰਪਲੈਕਸ ਵਿੱਚ ਬਾਇਓ-ਗੈਸ ਪਲਾਂਟ ਸਥਾਪਤ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।
ਕਮੇਟੀ ਦੇ ਚੇਅਰਮੈਨ ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ। ਵਿਧਾਇਕ ਗਰੇਵਾਲ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੁੱਢੇ ਦਰਿਆ ਦੀ ਸਫਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।
ਮੀਟਿੰਗ ਵਿੱਚ ਏਡੀਸੀ ਅਮਰਜੀਤ ਬੈਂਸ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਏ.ਸੀ.ਏ ਗਲਾਡਾ ਓਜਸਵੀ ਅਲੰਕਾਰ, ਪੀਪੀਸੀਬੀ ਦੇ ਮੁੱਖ ਇੰਜਨੀਅਰ ਆਰ.ਕੇ ਰੱਤੜਾ ਸਮੇਤ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ.ਡਬਲਯੂ.ਐਸ.ਐਸ.ਬੀ), ਸਿੰਚਾਈ ਵਿਭਾਗ, ਭੂਮੀ ਸੰਭਾਲ, ਪੇਡਾ ਆਦਿ ਦੇ ਹੋਰ ਅਧਿਕਾਰੀ ਮੌਜੂਦ ਸਨ।