ਦੰਗਾ ਪੀੜਤ ਸੁਸਾਇਟੀ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ
ਦੰਗਾ ਪੀੜਤ ਵੈਲਫ਼ੇਅਰ ਸੁਸਾਇਟੀ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਨਵੰਬਰ 84 ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਵੀ ਪਿਛਲੀਆਂ ਸਰਕਾਰਾਂ ਵੱਲੋਂ ਕੀਤੇ ਗਏ ਫ਼ੈਸਲਿਆਂ ਨੂੰ ਤੁਰੰਤ ਲਾਗੂ ਕਰਨ। ਅੱਜ ਇਥੇ ਜਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਮਹਿਲਾ ਵਿੰਗ ਪ੍ਰਧਾਨ ਗੁਰਦੀਪ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਵਿਧਾਨ ਸਭਾ ਅੰਦਰ ਇਹ ਐਲਾਨ ਕਰਕੇ ਦੰਗਾ ਪੀੜਤ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਪੀੜਤ ਪਰਿਵਾਰ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਫ਼ੈਸਲੇ ਅਤੇ ਪੰਜਾਬ ਅਤੇ ਹਰਿਆਣਾ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਸਹੂਲਤਾਂ ਦੇਣ ਦੇ ਕੀਤੇ ਫ਼ੈਸਲੇ ਨੂੰ ਲਾਗੂ ਕਰਾਉਣ ਲਈ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਫ਼ੈਸਲਿਆਂ ਨੂੰ ਲਾਗੂ ਕਰਨ ਦੀ ਥਾਂ ਡਾਂਗਾਂ, ਸੋਟੀਆਂ ਨਾਲ ਕੁੱਟ ਕੇ ਉਨ੍ਹਾਂ ਨੂੰ ਜੇਲਾਂ ਵਿੱਚ ਡੱਕ ਰਹੀ ਹੈ।
ਉਨ੍ਹਾਂ ਮੰਗ ਕੀਤੀ ਕਿ ਭਗਵੰਤ ਮਾਨ ਸਰਕਾਰ ਤੁਰੰਤ ਦਿੱਲੀ ਸਰਕਾਰ ਅਤੇ ਹਰਿਆਣਾ ਸਰਕਾਰ ਵਾਂਗ ਫ਼ੈਸਲੇ ਕਰਕੇ ਪੀੜਤ ਪਰਿਵਾਰਾਂ ਨੂੰ ਵੱਡੀ ਰਾਹਤ ਦੇਵੇ।
ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਪੀੜਤ ਪਰਿਵਾਰਾਂ ਦੀ ਸਾਰ ਨਾਂ ਲਈ ਤਾਂ ਪੀੜਤ ਪਰਿਵਾਰ ਮੁੱਖ ਮੰਤਰੀ ਦੀ ਕੋਠੀ ਬਾਹਰ ਅਣਮਿੱਥੇ ਸਮੇਂ ਲਈ ਮਰਨ ਵਰਤ ਸ਼ੁਰੂ ਕਰਨਗੇ ਜਿਸਤੋਂ ਨਿਕਲਣ ਵਾਲੇ ਸਿੱਟਿਆਂ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਦਲਜੀਤ ਸਿੰਘ ਸੋਨੀ, ਸਤਨਾਮ ਸਿੰਘ ਸੱਤਾ, ਇੰਦਰਪਾਲ ਸਿੰਘ ਵਿੱਕੀ ਅਤੇ ਅਮਰਜੀਤ ਸਿੰਘ ਰਾਜਪਾਲ ਸਮੇਤ ਕਈ ਆਗੂ ਹਾਜ਼ਰ ਸਨ।