Road Accident: ਸਮਰਾਲਾ ਰੋਡ ’ਤੇ ਦੋ ਕਾਰਾਂ ਦੀ ਟੱਕਰ, ਬਜ਼ੁਰਗ ਦੀ ਮੌਤ
ਹਸਪਤਾਲ ਵਿੱਚ ਇਲਾਜ ਕਰਵਾਉਣ ਜਾ ਰਿਹਾ ਸੀ ਬਜ਼ੁਰਗ; ਪੁਲੀਸ ਵੱਲੋਂ ਦੋਵੇਂ ਵਾਹਨ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ
ਸਥਾਨਕ ਸਮਰਾਲਾ ਰੋਡ ’ਤੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ ਵਿੱਚ ਮਾਛੀਵਾੜਾ ਦੇ ਮੀਆਂ ਮੁਹੱਲਾ ਵਾਸੀ ਬਜ਼ੁਰਗ ਗੁਰਦੀਪ ਸਿੰਘ (82) ਦੀ ਮੌਤ ਹੋ ਗਈ। ਹਾਦਸੇ ਦੌਰਾਨ ਉਸ ਦੀ ਧੀ ਵੀ ਜ਼ਖ਼ਮੀ ਹੋ ਗਈ ਜਿਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਪਿਛਲੇ ਕੁਝ ਸਮੇਂ ਤੋਂ ਗੁਰਦਿਆਂ ਦੀ ਬਿਮਾਰੀ ਨਾਲ ਜੂਝ ਰਿਹਾ ਸੀ। ਅੱਜ ਸਵੇਰੇ ਉਹ ਆਪਣੀ ਧੀ ਸੇਵਾਮੁਕਤ ਲੈਕਚਰਾਰ ਰਵਿੰਦਰ ਕੌਰ ਪਿੰਕੀ ਨਾਲ ਕਾਰ ਵਿੱਚ ਸਵਾਰ ਹੋ ਕੇ ਹਸਪਤਾਲ ਡਾਇਲਸਿਸ ਕਰਵਾਉਣ ਜਾ ਰਿਹਾ ਸੀ। ਇਸੇ ਦੌਰਾਨ ਸਮਰਾਲਾ ਵੱਲੋਂ ਆਉਂਦੀ ਇੱਕ ਕਾਰ ਨੇ ਉਨ੍ਹਾਂ ਦੀ ਗੱਡੀ ਨੂੰ ਸਿੱਧੀ ਟੱਕਰ ਮਾਰ ਦਿੱਤੀ।
ਇਸ ਭਿਆਨਕ ਟੱਕਰ ਵਿੱਚ ਗੁਰਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਖੰਨਾ ਦੇ ਹਸਪਤਾਲ ਲਿਜਾਇਆ ਗਿਆ ਜਿੱਥੋਂ ਹਾਲਤ ਵਿਗੜਨ ਉੱਤੇ ਉਸ ਨੂੰ ਅੱਗੇ ਰੈਫ਼ਰ ਕਰ ਦਿੱਤਾ ਗਿਆ। ਜਦਕਿ ਸ਼ਾਮ ਵੇਲੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਬਜ਼ੁਰਗ ਨੇ ਦਮ ਤੋੜ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਨੇ ਮੌਕੇ ਉੱਤੇ ਪਹੁੰਚ ਕੇ ਦੋਵੇਂ ਨੁਕਸਾਨੀਆਂ ਕਾਰਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਲਾਸ਼ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾ ਦਿੱਤੀ ਹੈ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਪਰਗਟ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਮਗਰੋਂ ਦੂਜੀ ਕਾਰ ਦੇ ਚਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

