ਪ੍ਰਾਸ਼ਰ ਵੱਲੋਂ ਸੜਕ ਦਾ ਨਿਰੀਖਣ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਤੋਂ ਪਹਿਲਾਂ ਸ਼ਹਿਰ ਵਾਸੀਆਂ ਅਤੇ ਸੰਗਤ ਦੀ ਸਹੂਲਤ ਲਈ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪ੍ਰਾਸ਼ਰ ਨੇ ਅੱਜ ਰੇਲਵੇ ਸਟੇਸ਼ਨ ਸੜਕ ਦਾ ਨਿਰੀਖਣ ਕੀਤਾ ਅਤੇ ਸੜਕ ਦੀ ਮੜ ਉਸਾਰੀ ਦੇ ਪ੍ਰਾਜੈਕਟ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਇਹ ਫੈਸਲਾ ਕੀਤਾ ਗਿਆ ਹੈ ਕਿ ਚੌੜਾ ਬਾਜ਼ਾਰ ਚੌਕ ਤੋਂ ਜਗਰਾਉਂ ਪੁਲ ਵੱਲ ਸੜਕ ਦਾ ਇੱਕ ਪਾਸਾ 20 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦੇ ਸ਼ਹਿਰ ਵਿੱਚ ਪਹੁੰਚਣ ਤੋਂ ਪਹਿਲਾਂ ਬਣਾ ਦਿੱਤਾ ਜਾਵੇਗਾ।
ਵਿਸ਼ਾਲ ਨਗਰ ਕੀਰਤਨ 20 ਨਵੰਬਰ ਨੂੰ ਮੋਗਾ ਵਾਲੇ ਪਾਸੇ ਤੋਂ ਲੁਧਿਆਣਾ ਪਹੁੰਚੇਗਾ ਅਤੇ ਰਾਤ ਦਾ ਠਹਿਰਾਅ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਹੋਵੇਗਾ।
ਇਸ ਦੌਰਾਨ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ ਸਮੇਤ ਹੋਰ ਨਗਰ ਨਿਗਮ ਅਧਿਕਾਰੀ ਵੀ ਨਿਰੀਖਣ ਦੌਰਾਨ ਮੌਜੂਦ ਸਨ। ਸੀਨੀਅਰ ਡਿਪਟੀ ਮੇਅਰ ਰਾਕੇਸ਼ ਪ੍ਰਾਸ਼ਰ ਨੇ ਕਿਹਾ ਕਿ ਰੇਲਵੇ ਸਟੇਸ਼ਨ ਸੜਕ ਦੇ ਦੋਵੇਂ ਪਾਸਿਆਂ ਦੀ ਮੁੜ ਉਸਾਰੀ ਕੀਤੀ ਜਾਵੇਗੀ, ਪਰ ਅਧਿਕਾਰੀਆਂ ਨੂੰ ਨਗਰ ਕੀਰਤਨ ਦੌਰਾਨ ਸੰਗਤ ਦੀ ਸਹੂਲਤ ਲਈ ਪਹਿਲਾਂ ਉਪਰੋਕਤ ਪਾਸੇ ਦੇ ਮੁੜ ਨਿਰਮਾਣ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਦੂਜੇ ਪਾਸੇ ਦਾ ਵੀ ਜਲਦੀ ਤੋਂ ਜਲਦੀ ਨਿਰਮਾਣ ਕੀਤਾ ਜਾਵੇਗਾ। ਪ੍ਰਾਸ਼ਰ ਨੇ ਕਿਹਾ ਕਿ ਫੀਲਡ ਗੰਜ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਵੱਡੇ ਸੜਕ ਨਿਰਮਾਣ ਪ੍ਰਾਜੈਕਟ ਕੀਤੇ ਜਾ ਰਹੇ ਹਨ। ਸ਼ਹਿਰ ਵਿੱਚ ਮਿਆਰੀ ਸੜਕੀ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
