Road Renovation Project: ਦੋਰਾਹਾ ਤੋਂ ਪਾਇਲ ਵਾਲੀ ਸੜਕ ਦਾ ਨਵੀਨੀਕਰਨ
ਸਾਢੇ ਚਾਰ ਕਰੋਡ਼ ਦੀ ਲਾਗਤ ਨਾਲ ਤਿਆਰ ਹੋਈ ਸਡ਼ਕ; ਵਿਧਾਇਕ ਗਿਆਸਪੁਰਾ ਵੱਲੋਂ ੳੁਦਘਾਟਨ
ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ 4.50 ਕਰੋੜ ਰੁਪਏ ਦੀ ਲਾਗਤ ਨਾਲ ਜਰਨੈਲੀ ਸੜਕ ਦੋਰਾਹਾ ਤੋਂ ਪਾਇਲ ਤੱਕ ਦੇ ਨਵੀਨੀਕਰਨ ਪ੍ਰਾਜੈਕਟ ਦਾ ਉਦਘਾਟਨ ਕਰ ਕੇ ਲੋਕਾਂ ਨੂੰ ਸਮਰਪਿਤ ਕੀਤਾ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਇਸ ਸੜਕ ਦੇ ਨਵੀਨੀਕਰਨ ਨਾਲ ਦੋਰਾਹਾ, ਪਾਇਲ ਅਤੇ ਆਸ-ਪਾਸ ਦੇ ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਅਤੇ ਬਿਹਤਰ ਆਵਾਜਾਈ ਦੀ ਸਹੂਲਤ ਮਿਲੇਗੀ। ਪਾਇਲ ਹਲਕੇ ਦੇ ਸਰਵਪੱਖੀ ਵਿਕਾਸ ਲਈ ਹੋਰ ਕਈ ਵਿਕਾਸ ਪ੍ਰਾਜੈਕਟ ਵੀ ਜਲਦ ਸ਼ੁਰੂ ਕੀਤੇ ਜਾਣਗੇ। ਇਸ ਤੋਂ ਇਲਾਵਾ ਨਿਰਮਾਣ ਅਧੀਨ ਸਾਰੀਆਂ ਸੜਕਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਅਤੇ ਬੁਨਿਆਦੀ ਵਿਕਾਸ ਦੇ ਕੰਮਾਂ ਨੂੰ ਪੂਰੀ ਤਨਦੇਹੀ ਨਾਲ ਅੱਗੇ ਵਧਾ ਰਹੀ ਹੈ ਤਾਂ ਜੋ ਸੂਬੇ ਦੇ ਹਰ ਵਰਗ ਨੂੰ ਵਿਕਾਸ ਦਾ ਬਰਾਬਰ ਲਾਭ ਮਿਲ ਸਕੇ। ਨਗਰ ਕੌਂਸਲ ਪਾਇਲ ਦੇ ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਰਾਣੋਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਲੋਕਾਂ ਦੀ ਮੰਗ ਸੀ ਕਿ ਇਸ ਸੜਕ ਦਾ ਨਵੀਨੀਕਰਨ ਹੋਵੇ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਮੰਗ ਨੂੰ ਪੂਰਾ ਕੀਤਾ।

