Punbus PRTC contract workers strike: ਰੋਡਵੇਜ਼ ਮੁਲਾਜ਼ਮਾਂ ਵੱਲੋਂ 21 ਨੂੰ ਮੁਕੰਮਲ ਹੜਤਾਲ ਦਾ ਐਲਾਨ
ਗੇਟ ਮੀਟਿੰਗ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ
ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਖ਼ਿਲਾਫ਼ ਆਪਣੇ ਹੱਕਾਂ ਲਈ ਲੜ ਰਹੇ ਪੰਜਾਬ ਰੋਡਵੇਜ਼, ਪਨਬਸ ਅਤੇ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਅਤੇ ਲਗਪਗ 75 ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਮੰਗਾਂ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਾਉਂਦਿਆਂ ਰੋਸ ਵਜੋਂ ਅੱਜ ਜਗਰਾਉਂ ਵਿੱਚ ਗੇਟ ਰੈਲੀ ਕੀਤੀ। ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਮੁਲਾਜ਼ਮ ਆਗੂਆਂ ਜਲੌਰ ਸਿੰਘ ਗਿੱਲ, ਹਰਮਿੰਦਰ ਸਿੰਘ ਸਿੱਧੂ ਅਤੇ ਦਵਿੰਦਰ ਸਿੰਘ ਭੀਮ ਨੇ ਸਰਕਾਰ ’ਤੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਝੂਠ ਬੋਲ ਕੇ ਸੱਤਾ ਹਥਿਆਈ ਹੈ ਅਤੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਹਰ ਵਰਗ ਨਾਲ ਛਲ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਆਪਣੇ ਕਾਰਜਕਾਲ ਵਿੱਚ ਇੱਕ ਵੀ ਨਵੀਂ ਸਰਕਾਰੀ ਬੱਸ ਨਹੀਂ ਪਾਈ ਅਤੇ ਠੇਕੇਦਾਰ ਪ੍ਰਣਾਲੀ ਰਾਹੀਂ ਨੌਜਵਾਨਾਂ ਦਾ ਆਰਥਿਕ ਸ਼ੋਸ਼ਣ ਜਾਰੀ ਹੈ। ਕਿਲੋਮੀਟਰ ਸਕੀਮ ਰਾਹੀਂ ਚਹੇਤਿਆਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲਾ ਐਕਟ ਠੰਢੇ ਬਸਤੇ ਪਾ ਦਿੱਤਾ ਗਿਆ ਹੈ। 31 ਸਾਲ ਪੁਰਾਣੇ ਨਿਯਮ ਲਾਗੂ ਨਾ ਕਰ ਕੇ ਮੁਲਾਜ਼ਮਾਂ ਦਾ ਮਾਨਸਿਕ ਅਤੇ ਸਰੀਰਕ ਸੋਸ਼ਣ ਕੀਤਾ ਜਾ ਰਿਹਾ ਹੈ ਜਿਸਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਯੂਨੀਅਨ ਦੇ ਆਗੂਆਂ ਨੇ ਐਲਾਨ ਕੀਤਾ ਕਿ ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ 21 ਅਕਤੂਬਰ ਨੂੰ ਮੁਕੰਮਲ ਹੜਤਾਲ ਕੀਤੀ ਜਾਵੇਗੀ ਅਤੇ ਵਿਧਾਨ ਸਭਾ ਸੈਸ਼ਨ ਦੇ ਨਾਲ-ਨਾਲ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੱਕਾ ਮੋਰਚਾ ਲਗਾ ਕੇ ਧਰਨਾ ਦਿੱਤਾ ਜਾਵੇਗਾ।

