ਸ਼ਹੀਦਾਂ ਦੀਆਂ ਕੁਰਬਾਨੀਆਂ ਦੇਸ਼ ਭਗਤੀ ਦਾ ਸੋਮਾ: ਕਟਾਰੀਆ
ਲੁਧਿਆਣਾ, 27 ਜਨਵਰੀ
ਗਣਤੰਤਰ ਦਿਵਸ ਦਾ ਸੂਬਾ ਪੱਧਰੀ ਸਮਾਗਮ ਇਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੈਦਾਨ ਵਿੱਚ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜਿੱਥੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਉੱਥੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਵਾਤਾਵਰਨ ਨੂੰ ਯਕੀਨੀ ਬਣਾਉਣ ਲਈ ਇਸ ਦੀ ਸੰਭਾਲ ਨਾਲ ਵਿਕਾਸ ਨੂੰ ਸੰਤੁਲਿਤ ਕਰਨ ਦੀ ਅਹਿਮ ਲੋੜ ’ਤੇ ਵੀ ਜ਼ੋਰ ਦਿੱਤਾ।
ਰਾਜਪਾਲ ਕਟਾਰੀਆ ਨੇ ਉਨ੍ਹਾਂ ਬਹਾਦਰ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਭਾਰਤ ਦੀ ਆਜ਼ਾਦੀ ਦਾ ਰਾਹ ਪੱਧਰਾ ਹੋਇਆ। ਉਨ੍ਹਾਂ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਣਾਉਣ ਲਈ ਸਰਕਾਰੀ ਯਤਨਾਂ ਦਾ ਸਰਗਰਮ ਸਮਰਥਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ‘ਨਸ਼ਾ ਮੁਕਤ ਪੰਜਾਬ’ ਦੀ ਪ੍ਰਾਪਤੀ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਮੁੱਖ ਦਫ਼ਤਰ ਵਿੱਚ ਇੱਕ ਸਹਾਇਤਾ ਸੇਵਾਵਾਂ ਯੂਨਿਟ ਸਥਾਪਤ ਕੀਤਾ ਗਿਆ ਹੈ। ਸਰਹੱਦੀ ਸੁਰੱਖਿਆ ਨੂੰ ਵਧਾਉਣ ਅਤੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਘਟਾਉਣ ਲਈ ਪਾਕਿਸਤਾਨ ਨਾਲ ਲੱਗਦੇ 6 ਜ਼ਿਲ੍ਹਿਆਂ ਵਿੱਚ 1,500 ਤੋਂ ਵੱਧ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਈਆਂ ਗਈਆਂ ਹਨ। ਰਾਜਪਾਲ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ, ਸੁਭਾਸ਼ ਚੰਦਰ ਬੋਸ, ਪੰਡਿਤ ਜਵਾਹਰ ਲਾਲ ਨਹਿਰੂ ਅਤੇ ਹੋਰ ਅਨੇਕਾਂ ਭਾਰਤੀਆਂ ਨੇ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਵਰਗੇ ਸੰਘਰਸ਼ੀਆਂ ਦੀਆਂ ਕੁਰਬਾਨੀਆਂ ਨੌਜਵਾਨ ਪੀੜ੍ਹੀ ਲਈ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦਾ ਸੋਮਾ ਹਨ। ਉਨ੍ਹਾਂ ਪੰਜਾਬ ਨੂੰ ਦੇਸ਼ ਭਗਤੀ ਦੀਆਂ ਲਹਿਰਾਂ ਨਾਲ ਭਰਪੂਰ ਧਰਤੀ ਦੱਸਿਆ।
ਇਸ ਤੋਂ ਪਹਿਲਾਂ ਪਰੇਡ ਦਾ ਨਿਰੀਖਣ ਕਰਨ ਮਗਰੋਂ ਰਾਜਪਾਲ ਨੇ ਪਰੇਡ ਕਮਾਂਡਰ ਆਕਰਸ਼ੀ ਜੈਨ ਅਤੇ ਸੈਕਿੰਡ ਪਰੇਡ ਕਮਾਂਡਰ ਗੁਰਇਕਬਾਲ ਸਿੰਘ ਦੀ ਅਗਵਾਈ ਵਿੱਚ ਮਾਰਚ ਪਾਸਟ ਤੋਂ ਸਲਾਮੀ ਲਈ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਤੇ ਸੱਭਿਆਚਾਰਕ ਗੀਤਾਂ ’ਤੇ ਆਧਾਰਿਤ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ। ਸਮਾਗਮ ਦੌਰਾਨ ਫੌਜ ਦੇ ਜਵਾਨਾਂ ਨੇ ਕਲਾਰੀਪੱਟੂ, ਇੱਕ ਪ੍ਰਾਚੀਨ ਮਾਰਸ਼ਲ ਆਰਟ ਦਾ ਪ੍ਰਦਰਸ਼ਨ ਕੀਤਾ। ਰਾਜਪਾਲ ਨੇ 105 ਵਿਅਕਤੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਵੀ ਕੀਤਾ। ਲੋੜਵੰਦਾਂ ਅਤੇ ਮਾਨਤਾ ਪ੍ਰਾਪਤ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈਸਾਈਕਲ ਵੀ ਵੰਡੇ ਗਏ। ਉਕਤ ਰਾਜ ਪੱਧਰੀ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਦਲਜੀਤ ਸਿੰਘ ਭੋਲਾ ਗਰੇਵਾਲ, ਕੁਲਵੰਤ ਸਿੰਘ ਸਿੱਧੂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਪੀਏਯੂ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਤੇ ਹੋਰ ਸ਼ਾਮਲ ਸਨ।