ਬੇਅਦਬੀ ਮਾਮਲਾ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਅਲਟੀਮੇਟਮ
w ਦਲਿਤ ਸਮਾਜ ਦੀ ਪੁਲੀਸ ਕਮਿਸ਼ਨਰ ਨਾਲ ਮੀਟਿੰਗ; ਬਸਪਾ ਵਰਕਰਾਂ ਨੇ ਭਾਰਤ ਨਗਰ ਚੌਕ ’ਚ ਪ੍ਰਦਰਸ਼ਨ ਕੀਤਾ
ਸ਼ਹਿਰ ਦੇ ਜਲੰਧਰ ਬਾਈਪਾਸ ਸਥਿਤ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਨਾਲ ਹੋਈ ਬੇਅਦਬੀ ਦੇ ਮਾਮਲੇ ਵਿੱਚ ਅੱਜ ਪੁਲੀਸ ਲਾਈਨ ਵਿੱਚ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦਲਿਤ ਸਮਾਜ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਭਾਈਚਾਰੇ ਦੇ ਨੁਮਾਇੰਦਿਆਂ ਨੇ ਪੁਲੀਸ ਪ੍ਰਸ਼ਾਸਨ ਅੱਗੇ ਆਪਣਾ ਰੋਸ ਪ੍ਰਗਟਾਉਂਦਿਆਂ ਸਪੱਸ਼ਟ ਕੀਤਾ ਕਿ ਜੇਕਰ ਹਫ਼ਤੇ ਦੇ ਅੰਦਰ-ਅੰਦਰ ਮਾਮਲੇ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਵੱਡੇ ਪੱਧਰ ’ਤੇ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਦੂਜੇ ਪਾਸੇ, ਘਟਨਾ ਦੇ ਰੋਸ ਵਜੋਂ ਦੁਪਹਿਰ ਸਮੇਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਵਰਕਰਾਂ ਨੇ ਵੀ ਸ਼ਹਿਰ ਦੇ ਵਪਾਰਕ ਕੇਂਦਰ ਭਾਰਤ ਨਗਰ ਚੌਕ ਵਿੱਚ ਧਰਨਾ ਦੇ ਕੇ ਆਪਣਾ ਰੋਸ ਜਤਾਇਆ।
ਮੀਟਿੰਗ ’ਚ ਸ਼ਾਮਲ ਨੁਮਾਇੰਦਿਆਂ ਦੀ ਅਗਵਾਈ ਕਰ ਰਹੇ ਭਾਵਧਸ ਆਗੂ ਨਰੇਸ਼ ਧੀਂਗਾਨ ਨੇ ਪੁਲੀਸ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਲਾਕੇ ’ਚ ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਸਬੰਧਤ ਵਿਭਾਗ ਦੀ ਲਾਪਰਵਾਹੀ ਦਾ ਨਤੀਜਾ ਹਨ। ਸਮਾਜ ਦੇ ਨੁਮਾਇੰਦਿਆਂ ਦਾ ਕਹਿਣਾ ਸੀ ਕਿ ਪਹਿਲਾਂ ਵੀ ਕਈ ਵਾਰ ਜਲੰਧਰ ਬਾਈਪਾਸ ਸਥਿਤ ਬਾਬਾ ਸਾਹਿਬ ਦੀ ਮੂਰਤੀ ਨੇੜੇ ਸੀ ਸੀ ਟੀ ਵੀ ਕੈਮਰੇ ਲਗਾਉਣ ਅਤੇ ਸੁਰੱਖਿਆ ਘੇਰਾ ਮਜ਼ਬੂਤ ਕਰਨ ਦੀ ਮੰਗ ਕੀਤੀ ਜਾ ਚੁੱਕੀ ਸੀ, ਕਿਉਂਕਿ ਇਨ੍ਹਾਂ ਰਸਤਿਆਂ ’ਤੇ ਆਵਾਜਾਈ ਲਗਾਤਾਰ ਬਣੀ ਰਹਿੰਦੀ ਹੈ। ਇਸ ਦੇ ਬਾਵਜੂਦ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਨਹੀਂ ਕੀਤੇ ਗਏ, ਜਿਸ ਕਾਰਨ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਬੁਲੰਦ ਹਨ।
ਅੰਬੇਡਕਰ ਸੰਘਰਸ਼ ਕਮੇਟੀ ਨੇ ਖ਼ਦਸ਼ਾ ਜਤਾਇਆ ਕਿ ਇਹ ਪੂਰੀ ਵਾਰਦਾਤ ਕਿਸੇ ਏਜੰਸੀ ਜਾਂ ਸ਼ਰਾਰਤੀ ਅਨਸਰਾਂ ਦੀ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਲੱਗਦੀ ਹੈ। ਕਮੇਟੀ ਮੈਂਬਰਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮਹਿਜ਼ ਭਰੋਸਿਆਂ ਨਾਲ ਕੰਮ ਨਹੀਂ ਚੱਲੇਗਾ, ਹਫ਼ਤੇ ਦੇ ਅੰਦਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਸੁਰੱਖਿਆ ਕਦਮ ਅਤੇ ਨਿਗਰਾਨੀ ਪ੍ਰਣਾਲੀ ਯਕੀਨੀ ਬਣਾਈ ਜਾਵੇ।
ਬਸਪਾ ਬੇਅਦਬੀ ਦਾ ਬਦਲਾ ਲਵੇਗੀ: ਕਰੀਮਪੁਰੀ
ਲੁਧਿਆਣਾ (ਗੁਰਿੰਦਰ ਸਿੰਘ): ਬਹੁਜਨ ਸਮਾਜ ਪਾਰਟੀ ਵੱਲੋਂ ਜਲੰਧਰ ਬਾਈਪਾਸ ਸਥਿਤ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਵਿਰੁੱਧ ਧਰਨਾ ਦਿੱਤਾ ਗਿਆ ਜਿਸ ਵਿੱਚ ਬਸਪਾ ਦੇ ਸੂਬਾ ਪ੍ਰਧਾਨ ਡ. ਅਵਤਾਰ ਸਿੰਘ ਕਰੀਮਪੁਰੀ ਨੇ ਸ਼ਮੂਲੀਅਤ ਕੀਤੀ। ਡਾ. ਕਰੀਮਪੁਰੀ ਨੇ ਕਿਹਾ ਕਿ ਪੰਜਾਬ ਵਿੱਚ ਗਿਆਰ੍ਹਵੀਂ ਵਾਰ ਡਾ. ਅੰਬੇਡਕਰ ਸਾਹਿਬ ਦੇ ਬੁੱਤ ’ਤੇ ਹਮਲਾ ਕੀਤਾ ਗਿਆ ਹੈ ਜੋ ਕੇਂਦਰ ਅਤੇ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਹੈ। ਉਨ੍ਹਾਂ ਕਿਹਾ ਕਿ ਬਸਪਾ ਇਸ ਅਪਮਾਨ ਨੂੰ ਹੋਰ ਸਹਿਣ ਨਹੀਂ ਕਰੇਗੀ ਅਤੇ ਇਸ ਬੇਅਦਬੀ ਦਾ ਬਦਲਾ ਲਵੇਗੀ। ਉਨ੍ਹਾਂ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾ ਕੇ ਰੱਖਣ ਅਤੇ ਅੰਬੇਡਕਰ ਦੇ ਸਨਮਾਨ ਵਿੱਚ ਡੱਟ ਕੇ ਲੜਾਈ ਲੜੀ ਜਾਵੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਪੰਜਾਬ ਦੇ ਸਾਰੇ ਬੁੱਤਾਂ ਦੁਆਲੇ ਸੀ ਸੀ ਟੀ ਵੀ ਕੈਮਰੇ ਅਤੇ ਸੁਰੱਖਿਆ ਦਾ ਪ੍ਰਬੰਧ ਕੀਤੇ ਜਾਣ।

