ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 21 ਅਕਤੂਬਰ
ਕੌਮੀ ਅਨੂਸੁਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦਿੱਲੀ ਹਰਿਆਣਾ ਸਰਹੱਦ ’ਤੇ ਤਰਨ ਤਾਰਨ ਵਾਸੀ ਲਖਬੀਰ ਸਿੰਘ ਦੇ ਬੇਰਹਿਮੀ ਨਾਲ ਹੋਏ ਕਤਲ ਦੇ ਮਾਮਲੇ ’ਚ ਹਰਿਆਣਾ ਦੇ ਡੀਜੀਪੀ ਤੋਂ ਫੈਕਟ ਰਿਪੋਰਟ ਮੰਗੀ ਹੈ। ਲੁਧਿਆਣਾ ਪੁੱਜੇ ਚੇਅਰਮੈਨ ਵਿਜੈ ਸਾਂਪਲਾ ਨੇ ਦੱਸਿਆ ਕਿ ਲਖਬੀਰ ਸਿੰਘ ਦੇ ਕਤਲ ਦੇ ਅਗਲੇ ਹੀ ਦਿਨ ਉਨ੍ਹਾਂ ਨੇ ਹਰਿਆਣਾ ਦੇ ਡੀਜੀਪੀ ਤੋਂ ਰਿਪੋਰਟ ਮੰਗੀ ਸੀ, ਜਿਸ ’ਤੇ ਉਨ੍ਹਾਂ ਨੇ ਐੰਫ਼ਆਈਆਰ ਦਰਜ ਹੋਣ ਤੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਰਿਪੋਰਟ ਭੇਜੀ ਸੀ। ਉਨ੍ਹਾਂ ਕਿਹਾ ਕਿ ਇਹ ਕਤਲ ਕਾਂਡ ਬਹੁਤ ਹੀ ਨਿਖੇਧੀਜਨਕ ਕਾਰਵਾਈ ਹੈ। ਸ੍ਰੀ ਸਾਂਪਲਾ ਨੇ ਕਿਹਾ ਕਿ ਡੀਜੀਪੀ ਤੇ ਹਰਿਆਣਾ ਸਰਕਾਰ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਮੁਲਜ਼ਮਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਸ੍ਰੀ ਸਾਂਪਲਾ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਚਿੱਠੀ ਲਿਖੀ ਹੈ ਕਿ ਕੱਟੜਪੰਥੀ ਕਾਰਨ ਸਰਹੱਦ ’ਤੇ ਮਾਹੌਲ ਖਰਾਬ ਹੋ ਰਿਹਾ ਹੈ। ਅਨੂਸੂਚਿਤ ਜਾਤੀ ਦੇ ਲੋਕ ਤੇ ਹੋਰ ਤੇਜ਼ੀ ਨਾਲ ਆਪਣਾ ਧਰਮ ਬਦਲ ਰਹੇ ਹਨ। ਸ੍ਰੀ ਸਾਂਪਲਾ ਨੇ ਕਿਹਾ ਕਿ ਸਰਹੱਦੀ ਇਲਾਕੇ ’ਚ ਹਾਲਾਤ ਇਹ ਹਨ ਕਿ ਅਨੁਸੂਚਿਤ ਜਾਤੀ ਦੇ ਲੋਕਾਂ ਘਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਤੱਕ ਨਹੀਂ ਹੋਣ ਦਿੱਤਾ ਜਾ ਰਿਹਾ। ਇਸ ਤੋਂ ਇਲਾਵਾ ਉਨ੍ਹਾਂ ਨੇ ਜੱਥੇਦਾਰ ਨੂੰ ਅਪੀਲ ਕੀਤੀ ਕਿ ਲਖਬੀਰ ਦੇ ਭੋਗ ਨੂੰ ਸਿੱਖ ਮਰਿਆਦਾ ਅਨੁਸਾਰ ਕਰਵਾਇਆ ਜਾਵੇ, ਕਿਉਂਕਿ ਉਸ ’ਤੇ ਬੇਅਦਬੀ ਦੇ ਦੋਸ਼ ਸਾਬਤ ਨਹੀਂ ਹੋਏ।