ਜੋਗਿੰਦਰ ਸਿੰਘ ਓਬਰਾਏ
ਖੰਨਾ, 26 ਅਗਸਤ
ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ 332ਵੇਂ ਦਿਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਲਗਾਤਾਰ ਜਾਰੀ ਹੈ। ਅੱਜ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਅੰਦੋਲਨ ਦੇ 9 ਮਹੀਨੇ ਪੂਰੇ ਹੋਣ ਦੇ ਰੋਸ ਵਜੋਂ ਵਿਸ਼ਾਲ ਟਰੈਕਟਰ ਰੈਲੀ ਕੱਢੀ। ਇਸ ਰੈਲੀ ਵਿਚ ਆਲੇ ਦੁਆਲੇ ਦੇ ਪਿੰਡਾਂ ਤੋਂ ਕਿਸਾਨਾਂ ਤੇ ਨੌਜਵਾਨਾਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲੈਂਦਿਆਂ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਵਿਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਇਸ ਮੌਕੇ ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਕੁਝ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਕਿਸਾਨਾਂ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਖੋਹ ਕੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਆਗੂਆਂ ਨੇ ਸਫ਼ਲਤਾ ਪੂਰਵਕ ਰੈਲੀ ਲਈ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਰੈਲੀ ਦੇ ਇੱਕਠ ਨੇ ਸਿੱਧ ਕਰ ਦਿੱਤਾ ਹੈ ਕਿ ਲੋਕ ਬਿਨ੍ਹਾਂ ਪੱਖਪਾਤ ਸੰਯੁਕਤ ਮੋਰਚੇ ਦੇ ਚੱਲਦੇ ਸੰਘਰਸ਼ ਨਾਲ ਖੜ੍ਹੇ ਹਨ। ਇਸ ਮੌਕੇ ਰਾਜ ਕੌਰ, ਅਵਤਾਰ ਸਿੰਘ, ਸਮਸ਼ੇਰ ਸਿੰਘ, ਦੀਦਾਰ ਸਿੰਘ, ਹਵਾ ਸਿੰਘ, ਜਰਨੈਲ ਸਿੰਘ, ਹਰਵਿੰਦਰ ਸਿੰਘ, ਗੁਰਦਿਆਲ ਸਿੰਘ, ਰਛਪਾਲ ਸਿੰਘ, ਨਿਰਮਲ ਸਿੰਘ, ਸਤਨਾਮ ਸਿੰਘ, ਸੁੱਖੀ ਰਤਨਪਾਲੋਂ, ਬਲਵੀਰ ਸਿੰਘ, ਜਗਤਾਰ ਸਿੰਘ, ਗੁਰਤਿੰਦਰ ਸਿੰਘ ਵਾਲੀਆ, ਹਰਚੰਦ ਸਿੰਘ, ਡਾ.ਚਰਨਜੀਤ ਸਿੰਘ ਤੇ ਸੂਬੇਦਾਰ ਰੱਬੀਂ ਸਿੰਘ ਹਾਜ਼ਰ ਸਨ।