ਸੰਗੋਵਾਲ ਤੇ ਗਿੱਲ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਚੇਅਰਮੈਨ ਮਾਰਕੀਟ ਕਮੇਟੀ ਗੁਰਜੀਤ ਸਿੰਘ ਗਿੱਲ ਨੇ ਅੱਜ ਸਲੇਮ ਟਾਬਰੀ ਅਨਾਜ ਮੰਡੀ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਹੋਈ ਝੋਨੇ ਦੀ ਫ਼ਸਲ ਦੀ ਤੁਰੰਤ ਖ਼ਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਅਨਾਜ ਮੰਡੀਆਂ 'ਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਸਾਡੀ ਸਰਕਾਰ ਵਚਨਬੱਧ ਹੈ ਅਤੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਸੁਕਾ ਕੇ ਹੀ ਮੰਡੀ ’ਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,389 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ ਅਤੇ ਝੋਨੇ ਦੀ ਖ਼ਰੀਦ ਕੀਤੀ ਫ਼ਸਲ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਤੁਰੰਤ ਪਾ ਦਿੱਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਹਰਿੰਦਰ ਸਿੰਘ ਗਿੱਲ ਵੀ ਮੌਜੂਦ ਸਨ।