ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ’ਤੇ ਹੋਏ ਪੁਲੀਸ ਲਾਠੀਚਾਰਜ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਫਿਰ ਸਫ਼ਾਈ ਕਰਮਚਾਰੀਆਂ ਨੇ ਹੜਤਾਲ ਰੱਖ ਕੇ ਆਪਣਾ ਰੋਸ ਪ੍ਰਗਟਾਇਆ। ਲੁਧਿਆਣਾ ਸਥਿਤ ਨਗਰ ਨਿਗਮ ਦੇ ਜ਼ੋਨ-ਏ ਦਫ਼ਤਰ ਦੇ ਬਾਹਰ ਸੰਘਰਸ਼ ਕਮੇਟੀ ਦੇ ਸੀਨੀਅਰ ਅਹੁਦੇਦਾਰਾਂ ਨਰੇਸ਼ ਧੀਂਗਾਨ ਅਤੇ ਚੌਧਰੀ ਯਸ਼ਪਾਲ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਕੰਮ-ਕਾਜ ਪੂਰੀ ਤਰ੍ਹਾਂ ਠੱਪ ਕਰਕੇ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਕਮੇਟੀ ਆਗੂ ਨਰੇਸ਼ ਧੀਂਗਾਨ ਨੇ ਪੁਲੀਸ ਕਾਰਵਾਈ ਨੂੰ ਅਣਮਨੁੱਖੀ ਕਰਾਰ ਦਿੰਦਿਆਂ ਕਿਹਾ ਕਿ ਵਾਲਮੀਕਿ ਸਮਾਜ ਇਸ ਧੱਕੇ ਦੀ ਨਿੰਦਾ ਕਰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਸ਼ਾਸਨਕਾਲ ਵਿੱਚ ਕਰਮਚਾਰੀਆਂ ਦੇ ਹਾਲਾਤ ਮਾੜੇ ਹੁੰਦੇ ਜਾ ਰਹੇ ਹਨ। ਪਹਿਲਾਂ ਨਿਗਮ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਮੰਗਾਂ ਦੇ ਹੱਲ ਦਾ ਭਰੋਸਾ ਦੇ ਕੇ ਹੜਤਾਲ ਖ਼ਤਮ ਕਰਵਾਈ ਗਈ ਸੀ ਪਰ ਜਦੋਂ ਕਰਮਚਾਰੀਆਂ ਨੇ ਦੁਬਾਰਾ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਤਾਂ ਉਨ੍ਹਾਂ ’ਤੇ ਲਾਠੀਆਂ ਵਰ੍ਹਾਈਆਂ ਗਈਆਂ।
ਮੁਲਾਜ਼ਮ ਆਗੂਆਂ ਨੇ ਸਪੱਸ਼ਟ ਕੀਤਾ ਕਿ ਪ੍ਰਸ਼ਾਸਨਿਕ ਪੱਧਰ ’ਤੇ ਮਹਿਜ਼ ਡੀ ਐੱਸ ਪੀ ਨੂੰ ਮੁਅੱਤਲ ਕਰਕੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਐੱਸ ਸੀ/ਐੱਸ ਟੀ ਐਕਟ ਤਹਿਤ ਅਪਰਾਧਿਕ ਕੇਸ ਦਰਜ ਕੀਤਾ ਜਾਵੇ। ਇਸ ਦੇ ਨਾਲ ਹੀ ਠੇਕੇਦਾਰੀ ਪ੍ਰਥਾ ਖ਼ਤਮ ਕਰ ਕੇ ਸਿੱਧੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਅਤੇ ਉਮਰ ਸੀਮਾ ਲੰਘਾ ਚੁੱਕੇ ਕਰਮਚਾਰੀਆਂ ਸਮੇਤ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਦੁਹਰਾਈ ਗਈ।
ਸੰਘਰਸ਼ ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਇਹ ਅੰਦੋਲਨ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਭੂਪਿੰਦਰ ਸਿੰਘ ਭਿੰਦਾ, ਹਤਿੰਦਰ ਗਰੇਵਾਲ, ਕੁਲਦੀਪ ਖਾਲਸਾ, ਪਰਮਿੰਦਰ ਮਹਿਤਾ, ਸੰਜੀਵ ਗਿੱਲ, ਦੀਪਕ ਹੰਸ, ਰਵੀ ਬਾਲੀ, ਨੇਤਾ ਜੀ ਸੌਂਧੀ, ਵਿਪਨ ਕਲਿਆਣ, ਅਜੇਪਾਲ ਦਿਸ਼ਾਵਰ, ਆਨੰਦ ਰਾਖਸ਼ਸ਼, ਜਿੰਦਰ ਸਹੋਤਾ, ਡਾ. ਡੀ.ਪੀ. ਖੋਸਲਾ, ਦੇਵ ਰਾਜ ਅਸੁਰ, ਅਸ਼ੋਕ ਬੰਟੂ, ਸਮੇਂ ਸਿੰਘ ਬਿਰਲਾ, ਸੰਜੇ ਦਿਸ਼ਾਵਰ, ਰੋਹਿਤ ਸਹੋਤਾ ਸਣੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਮੌਜੂਦ ਸਨ।

