ਖੇਤਰੀ ਪ੍ਰਤੀਨਿਧ
ਲੁਧਿਆਣਾ, 9 ਅਕਤੂਬਰ
ਪੰਜਾਬ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸ਼ਨਿਚਰਵਾਰ ਨੂੰ ਦਿੱਲੀ ਵਿਖੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ। ਅਰੋੜਾ ਨੇ ਕਿਹਾ ਕਿ ਇਹ ਇੱਕ ਰਸਮੀ ਮੁਲਾਕਾਤ ਸੀ ਜਿਸ ਵਿੱਚ ਸਿੱਖਿਆ ਅਤੇ ਸਿਹਤ ਖਾਸ ਤੌਰ ’ਤੇ ਸਸਤੀ ਸਿਹਤ ਸਹੂਲਤਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ। ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਮੌਜੂਦਾ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਦੋਵਾਂ ਖੇਤਰਾਂ ਵਿੱਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਸਤੀਆਂ ਸਿਹਤ ਸੇਵਾਵਾਂ ਸਮੇਂ ਦੀ ਲੋੜ ਹੈ। ਉਨ੍ਹਾਂ ਸਮਾਜ ਦੇ ਗ਼ਰੀਬ ਵਰਗਾਂ ਦੇ ਵਿਕਾਸ ਵਿੱਚ ਸਿੱਖਿਆ ਦੀ ਮਹੱਤਤਾ ਬਾਰੇ ਵੀ ਦੱਸਿਆ। ਅਰੋੜਾ ਨੇ ਲੋੜਵੰਦ ਕੈਂਸਰ ਮਰੀਜ਼ਾਂ ਲਈ ਉਨ੍ਹਾਂ ਵੱਲੋਂ ਚਲਾਏ ਜਾ ਰਹੇ ਚੈਰੀਟੇਬਲ ਟਰੱਸਟ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਸੰਸਦੀ ਮਾਮਲਿਆਂ ਅਤੇ ਸੰਸਦ ਦੇ ਦੋਵੇਂ ਸਦਨਾਂ ਦੇ ਸੁਚਾਰੂ ਕੰਮਕਾਜ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਦੀ ਮਹੱਤਤਾ ਬਾਰੇ ਵੀ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਰਾਜਸਥਾਨ ਦੇ ਕੋਟਾ ਸੰਸਦੀ ਹਲਕੇ ਬਾਰੇ ਵੀ ਚਰਚਾ ਹੋਈ। ਸਪੀਕਰ ਓਮ ਬਿਰਲਾ ਕੋਟਾ ਸੰਸਦੀ ਹਲਕੇ ਤੋਂ ਨੁਮਾਇੰਦੇ ਹਨ।