ਸੀਵਰ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਜਮਾਲਪੁਰ ਵਿੱਚ ਬੁੱਢੇ ਦਰਿਆ ’ਚ ਪ੍ਰਦੂਸ਼ਣ ਘਟਾਉਣ ਦੇ ਸੰਦਰਭ ਵਿੱਚ ਇੱਕ ਸਮੀਖਿਆ ਮੀਟਿੰਗ ਕਰਦੇ ਹੋਏ, ਰਾਜ ਸਭਾ ਐਮ.ਪੀ. ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਧਿਕਾਰੀਆਂ ਨੂੰ ਦਰਿਆ ਵਿੱਚ ਗੋਹਾ ਸੁੱਟਣ ਤੋਂ ਰੋਕਣ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਸੰਤ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਪਿੰਡ ਵਲੀਪੁਰ ਤੱਕ ਬੁੱਢੇ ਦਰਿਆ ਨੂੰ ਸਾਫ ਕਰਨਾ ਹੈ ਅਤੇ ਇਹ ਕੰਮ ਪੜਾਅਵਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਜੇਕਰ ਲੋੜ ਪਈ ਤਾਂ ਉਲੰਘਣਾ ਕਰਨ ਵਾਲਿਆਂ ’ਤੇ ਵਾਤਾਵਰਣ ਮੁਆਵਜ਼ਾ (ਈ.ਸੀ.) ਵੀ ਲਗਾਇਆ ਜਾਵੇ।
ਰਾਜ ਸਭਾ ਮੈਂਬਰ ਸੀਚੇਵਾਲ ਨੇ ਕਿਹਾ ਕਿ ਗੋਹੇ ਦੀ ਡੰਪਿੰਗ ਨਾ ਸਿਰਫ਼ ‘ਬੁੱਢੇ ਦਰਿਆ’ ਨੂੰ ਪ੍ਰਦੂਸ਼ਿਤ ਕਰ ਰਹੀ ਹੈ, ਸਗੋਂ ਇਹ ਐਫਲੂਐਂਟ ਟ੍ਰੀਟਮੈਂਟ ਪਲਾਂਟਾਂ (ਈ.ਟੀ.ਪੀ.) ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ.) ਦੇ ਕੰਮਕਾਜ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਬਾਇਓਗੈਸ ਪਲਾਟਾਂ ਨੂੰ ਸਥਾਪਤ ਕਰਨ ਦੇ ਕੰਮ ਨੂੰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ।
ਸੰਤ ਸੀਚੇਵਾਲ ਨੇ ਬੁੱਢੇ ਦਰਿਆ ਵਿੱਚ ਅਣਸੋਧਿਆ ਉਦਯੋਗਿਕ ਗੰਦਾ ਪਾਣੀ ਸੁੱਟਣ ਵਿਰੁੱਧ ਵੀ ਇਸੇ ਤਰ੍ਹਾਂ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਅਧਿਕਾਰੀਆਂ ਨੂੰ ਨਿਗਰਾਨੀ ਰੱਖਣ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਰਾਜ ਸਭਾ ਮੈਂਬਰ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਵਸਨੀਕਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਨਾਲ ਹੱਥ ਮਿਲਾਉਣ ਦੀ ਅਪੀਲ ਕੀਤੀ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਬਚਾਉਣ ਲਈ ਸਾਂਝੇ ਯਤਨ ਕੀਤੇ ਜਾ ਸਕਣ। ਬਾਅਦ ਵਿੱਚ, ਰਾਜ ਸਭਾ ਮੈਂਬਰ ਸੀਚੇਵਾਲ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ ਸਮੇਤ ਹੋਰਨਾਂ ਨੇ ਤਾਜਪੁਰ ਰੋਡ ’ਤੇ ਬੁੱਢੇ ਦਰਿਆ ਦੇ ਕੰਢੇ ਪੌਦੇ ਵੀ ਲਗਾਏ। ਇਸ ਮੀਟਿੰਗ ਵਿੱਚ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਵਧੀਕ ਮੁੱਖ ਪ੍ਰਸ਼ਾਸਕ (ਏ.ਸੀ.ਏ.) ਗਲਾਡਾ ਓਜਸਵੀ ਅਲੰਕਾਰ, ਡੀ.ਐਸ.ਪੀ. ਕੁਲਵੰਤ ਸਿੰਘ, ਨਿਗਰਾਨ ਇੰਜਨੀਅਰ ਏਕਜੋਤ ਸਿੰਘ ਸਮੇਤ ਪੀ.ਪੀ.ਸੀ.ਬੀ., ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ, ਨਗਰ ਨਿਗਮ ਆਦਿ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।