ਖੇਤਰੀ ਪ੍ਰਤੀਨਿਧ
ਲੁਧਿਆਣਾ, 24 ਅਕਤੂਬਰ
ਲੋੜਵੰਦ ਲੋਕਾਂ ਨੂੰ ਸਸਤੀਆਂ ਡਾਕਟਰੀ ਸਹੂਲਤਾਂ ਦੇਣ ਦੇ ਮਕਸਦ ਨਾਲ ਸੰਕਾਰਾ ਹਸਪਤਾਲ, ਦਾਖਾ ਵੱਲੋਂ ਸਥਾਨਕ ਰਾਮਗੜ੍ਹੀਆ ਗੁਰਦੁਆਰਾ ਸਾਹਿਬ ਵਿੱਚ ਸੰਕਾਰਾ ਵਿਜ਼ਨ ਸੈਂਟਰ ਖੋਲ੍ਹਿਆ ਗਿਆ। ਇਸ ਸੈਂਟਰ ਦਾ ਉਦਘਾਟਨ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕੀਤਾ। ਇਸ ਮੌਕੇ ਸੈਂਟਰ ਦੇ ਸਰਪ੍ਰਸਤ ਅਤੇ ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ ਵੀ ਉਨ੍ਹਾਂ ਦੇ ਨਾਲ ਸਨ।
ਸੰਤ ਸੀਚੇਵਾਲ ਨੇ ਕਿਹਾ ਕਿ ਮੌਜੂਦਾ ਦੌਰ ਵਿੱਚ ਡਾਕਟਰੀ ਸਹੂਲਤਾਂ ਇੰਨੀਆਂ ਮਹਿੰਗੀਆਂ ਹੋ ਗਈਆਂ ਹਨ ਕਿ ਆਮ ਲੋਕਾਂ ਨੂੰ ਆਪਣਾ ਇਲਾਜ ਕਰਵਾਉਣਾ ਵੀ ਮੁਸ਼ਕਲ ਹੋ ਗਿਆ ਹੈ। ਇਸ ਸੈਂਟਰ ਦੇ ਖੁੱਲ੍ਹਣ ਨਾਲ ਹੁਣ ਆਮ ਲੋਕ ਘੱਟ ਖਰਚ ’ਤੇ ਆਪਣੀਆਂ ਅੱਖਾਂ ਦਾ ਵਧੀਆ ਇਲਾਜ ਕਰਵਾ ਸਕਣਗੇ। ਉਨ੍ਹਾਂ ਨੇ ਇਸ ਕੋਸ਼ਿਸ਼ ਲਈ ਰਣਜੋਧ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਸਰਪ੍ਰਸਤ ਰਣਜੋਧ ਸਿੰਘ ਨੇ ਕਿਹਾ ਕਿ ਇਹ ਸੈਂਟਰ ਸੰਕਾਰਾ ਹਸਪਤਾਲ ਨਾਲ ਸਬੰਧਤ ਹੋਣ ਕਰਕੇ ਇੱਥੇ ਘੱਟ ਕੀਮਤ ’ਤੇ ਵਧੀਆ ਸਹੂਲਤਾਂ ਮੁਹੱਈਆ ਕਰਵਾਉਣਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ। ਇਸ ਸੈਂਟਰ ਦੇ ਬਣਨ ਨਾਲ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਵੱਡੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।