ਖੇਤਰੀ ਪ੍ਰਤੀਨਿਧ
ਲੁਧਿਆਣਾ, 28 ਅਗਸਤ
ਸਾਰਾਗੜ੍ਹੀ ਫਾਊਂਡੇਸ਼ਨ ਵੱਲੋ ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਕੈਂਪਸ ਅੰਦਰ ਸਾਕਾ ਸਾਰਾਗੜ੍ਹੀ ਵਿੱਚ ਸ਼ਹੀਦ ਹੋਣ ਵਾਲੇ 21 ਸਿੱਖ ਫੌਜੀਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਉਨ੍ਹਾਂ ਦੇ ਨਾਵਾਂ ’ਤੇ ਵੱਖ-ਵੱਖ ਕਿਸਮਾਂ ਦੇ ਬੂਟੇ ਕਾਲਜ ਦੇ ਐੱਨਸੀਸੀ ਗਰਲਜ਼ ਵਿੰਗ ਦੀਆਂ ਕੈਡਿਟਾਂ ਕੋਲੋਂ ਲਗਵਾਏ ਗਏ।
ਇਸ ਮੌਕੇ ਐੱਨਸੀਸੀ ਕੈਡਿਟਾਂ ਨੂੰ ਸੰਬੋਧਨ ਕਰਦਿਆਂ ਬ੍ਰਿਗੇਡੀਅਰ (ਰਿਟਾ.) ਮਸਤਇੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਕੌਮ ਦਾ ਵਡਮੁੱਲਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹਾ, ‘‘ਗੁਰੂ ਸਾਹਿਬ ਦੇ ਬਖਸ਼ੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਸ਼ਹੀਦ ਹੋਣ ਵਾਲੇ 36 ਸਿੱਖ ਰੈਜੀਮੈਂਟ ਦੇ 21 ਸਿੱਖ ਫੌਜੀਆਂ ਦੀ ਲਾਸਾਨੀ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ ਹੈ।’’ ਇਸ ਮੌਕੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਮੀਡੀਆ ਸਲਾਹਕਾਰ ਰਣਜੀਤ ਸਿੰਘ ਖਾਲਸਾ ਨੇ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿੱਚ ਸਾਰਾਗੜ੍ਹੀ ਦੀ ਲੜਾਈ ਵਰਗੀਆਂ ਮਿਸਾਲਾਂ ਵਿਰਲੀਆਂ ਹੀ ਮਿਲਦੀਆਂ, ਜਿਸ ਵਿੱਚ ਇਨ੍ਹਾਂ ਸਿੱਖ ਫੌਜੀਆਂ ਨੇ ਆਪਣੇ ਨਾਲੋਂ 500 ਗੁਣਾ ਵੱਧ ਗਿਣਤੀ ਵਾਲੇ ਹਥਿਆਰਾਂ ਨਾਲ ਲੈਸ ਕਬਾਇਲੀ ਅਫਗਾਨੀਆਂ ਤੇ ਪਠਾਣਾਂ ਨਾਲ ਲੜਦੇ ਹੋਏ ਦ੍ਰਿੜ੍ਹ ਇਰਾਦੇ ਅਤੇ ਹਿੰਮਤ ਦਾ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਇਨ੍ਹਾਂ ਸਮੂਹ ਸਿੱਖ ਫ਼ੌਜ਼ੀਆਂ ਨੂੰ ਉਸ ਵੇਲੇ ਦੀ ਬਰਤਾਨਵੀ ਸਰਕਾਰ ਨੇ ਆਪਣੇ ਸਭ ਤੋਂ ਵੱਡੇ ਐਵਾਰਡ ‘ਬ੍ਰਿਟਿਸ਼ ਕਰਾਊਨ’ ਨਾਲ ਸਨਮਾਨਿਆ ਸੀ। ਉਨ੍ਹਾਂ ਇਸ ਯਾਦਗਾਰੀ ਕਾਰਜ ਨੂੰ ਸਫਲ ਬਣਾਉਣ ਲਈ ਦਿੱਤੇ ਸਹਿਯੋਗ ਲਈ ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਡਾ. ਗੁਰਿੰਦਰਪਾਲ ਸਿੰਘ ਜੋਸਨ ਅਤੇ ਫਾਊਂਡੇਸ਼ਨ ਦੀ ਸਮੁੱਚੀ ਟੀਮ ਵੱਲੋਂ ਸਭਨਾਂ ਦਾ ਧੰਨਵਾਦ ਕੀਤਾ।