ਖੇਤਰੀ ਪ੍ਰਤੀਨਿਧ
ਲੁਧਿਆਣਾ, 29 ਜਨਵਰੀ
ਆਮ ਆਦਮੀ ਪਾਰਟੀ ਦੇ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਬੀਤੀ ਸ਼ਾਮ ਹਲਕਾ ਪੂਰਬੀ ਦੇ ਉਮੀਦਵਾਰ ਦਲਜੀਤ ਸਿੰਘ ਭੋਲਾ ਗਰੇਵਾਲ ਦੀਆਂ ਚੋਣਾਵੀ ਸਭਾਵਾਂ ਨੂੰ ਸੰਬੋਧਨ ਕਰਦਿਆਂ ਝਾੜੂ ਲਈ ਵੋਟਾਂ ਮੰਗੀਆਂ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਨੇ ਜਿਵੇਂ ਦਿੱਲੀ ਚ ਸਰਕਾਰ ਬਣਾ ਕੇ ਲੋਕਾਂ ਦੀਆਂ ਆਸਾਂ ਉਮੀਦਾਂ ’ਤੇ ਖ਼ਰਾ ਉਤਰਦਿਆਂ ਵਿਕਾਸ ਦੇ ਨਾਲ ਨਾਲ ਹਰ ਸਮੱਸਿਆ ਦਾ ਹੱਲ ਕੀਤਾ ਹੈ, ਉਸੇ ਤਰਜ ’ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਹਰ ਸਮੱਸਿਆ ਖਤਮ ਕੀਤੀ ਜਾਵੇਗੀ ਅਤੇ ਵਿਕਾਸ ਦੇ ਨਾਲ ਨਾਲ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਿਛਲੀ ਵਾਰੀ ਸਾਡੀ ਸਰਕਾਰ, ਸਾਡੀ ਗਲਤੀ ਕਾਰਨ ਨਹੀਂ ਬਣੀ ਸੀ ਪਰ ਇਸ ਵਾਰ ਅਸੀਂ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਸਿੰਘ ਮਾਨ ਨੂੰ ਐਲਾਨ ਦਿੱਤਾ ਹੈ। ਉਨ੍ਹਾਂ ਹਲਕਾ ਪੂਰਬੀ ਤੋਂ ਭੋਲਾ ਗਰੇਵਾਲ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ। ਇਸ ਮੌਕੇ ਹਲਕਾ ਉੱਤਰੀ ਦੇ ਉਮੀਦਵਾਰ ਮਦਨ ਲਾਲ ਬੱਗਾ, ਤਰਸੇਮ ਭਿੰਡਰ, ਇੰਦਰਜੀਤ ਕੌਰ ਹਾਜ਼ਰ ਸਨ।
ਆਮ ਆਦਮੀ ਪਾਰਟੀ ਵੱਲੋਂ ਪਿੰਡਾਂ ਵਿੱਚ ਪ੍ਰਚਾਰ
ਗੁਰੂਸਰ ਸੁਧਾਰ(ਪੱਤਰ ਪ੍ਰੇਰਕ): ਹਲਕਾ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਾਕਮ ਸਿੰਘ ਠੇਕੇਦਾਰ ਵੱਲੋਂ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਪਿੰਡ ਸੁਧਾਰ ਪੱਤੀ ਧਾਲੀਵਾਲ ਵਿਚ ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਸਮੇਤ ਹੋਰ ਰਾਜਸੀ ਪਾਰਟੀਆਂ ਨੇ ਪੰਜਾਬ ਨੂੰ ਲੁੱਟਣ ਅਤੇ ਕੁੱਟਣ ਵਿਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਦੀ ਆਲੋਚਨਾ ਕੀਤੀ। ਉਨ੍ਹਾਂ ਦਿੱਲੀ ਸਰਕਾਰ ਦੀ ਤਾਰੀਫ਼ ਕਰਦਿਆਂ ਕਿਹਾ ਕਿ ਜੋ ਵਾਅਦੇ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਗਏ ਸੀ ਉਹ ਸਾਰੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਦਿੱਲੀ ਮਾਡਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਇੱਕਜੁੱਟ ਹਨ।