ਸੌਂਦ ਨੇ ਖੰਨਾ ਮੰਡੀ ’ਚ ਝੋਨੇ ਦੀ ਬੋਲੀ ਕਰਵਾਈ
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਖ੍ਰੀਦਿਆ ਜਾਵੇਗਾ। ਇਹ ਗੱਲ ਅੱਜ ਇਥੋਂ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖ੍ਰੀਦ ਸ਼ੁਰੂ ਕਰਵਾਉਣ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਹੀ। ਉਨ੍ਹਾਂ ਕਿਹਾ ਕਿ ਝੋਨੇ ਦਾ ਘੱਟੋਂ ਘੱਟ ਸਮਰਥਨ ਮੁੱਲ 2389 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ ਅਤੇ ਬਾਰਦਾਨੇ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਇਸ ਸਾਲ ਪੰਜਾਬ ਨੂੰ 172 ਲੱਖ ਮੀਟਰਕ ਟਨ ਝੋਨੇ ਦੀ ਖ੍ਰੀਦ ਦਾ ਟੀਚਾ ਦਿੱਤਾ ਗਿਆ ਹੈ ਪਰ ਲਗਭਗ 190 ਲੱਖ ਮੀਟਰਕ ਟਨ ਝੋਨੇ ਦੀ ਖ੍ਰੀਦ ਦਾ ਪ੍ਰਬੰਧ ਕੀਤਾ ਗਿਆ ਹੈ। ਸੌਂਦ ਨੇ ਭਰੋਸਾ ਦਿਵਾਇਆ ਕਿ ਫਸਲ ਦੀ ਚੁਕਾਈ ਅਤੇ ਭੁਗਤਾਨ ਸਿੱਧਾ ਕਿਸਾਨਾਂ ਦੇ ਖਾਤਿਆਂ ਵਿਚ ਨਾਲ ਨਾਲ ਕੀਤਾ ਜਾਵੇਗਾ। ਉਨ੍ਹਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਜ਼ਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀਆਂ ਨੂੰ ਪਾਰਦਰਸ਼ਿਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿਚ ਕੰਮਕਾਜ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ। ਸੌਂਦ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਉਹ ਅਨਾਜ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਝੋਨੇ ਦੇ ਖ੍ਰੀਦ ਪ੍ਰਬੰਧਾਂ ਨੂੰ ਚੈਕ ਕਰਦੇ ਰਹਿਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਤੁਰੰਤ ਖ੍ਰੀਦ ਹੋ ਸਕੇ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਜਗਤਾਰ ਸਿੰਘ ਗਿੱਲ, ਐਸਡੀਐਮ ਡਾ. ਬਲਜਿੰਦਰ ਸਿੰਘ ਢਿੱਲੋਂ, ਗੁਰਮਤਪਾਲ ਸਿੰਘ ਗਿੱਲ, ਸਕੱਤਰ ਮਾਰਕੀਟ ਕਮੇਟੀ ਕਮਲਦੀਪ ਸਿੰਘ, ਸਿਫਾਲੀ ਚੋਪੜਾ, ਨਰਿੰਦਰ ਸਿੰਘ ਕੌੜੀ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਰਾਈਸ ਮਿੱਲ ਐਸੋਸੀਏਸ਼ਨ ਦੇ ਪ੍ਰਧਾਨ ਗੁਰਦਿਆਲ ਸਿੰਘ, ਅਵਤਾਰ ਸਿੰਘ, ਯਾਦਵਿੰਦਰ ਸਿੰਘ ਬਿੱਟੂ ਲਿਬੜਾ, ਐਡਵੋਕੇਟ ਮਨਰੀਤ ਸਿੰਘ ਨਾਗਰਾ ਹਾਜ਼ਰ ਸਨ।