ਸੌਂਦ ਵੱਲੋਂ 37.68 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ
ਖੰਨਾ, 19 ਅਪਰੈਲ
ਪੰਜਾਬ ਸਰਕਾਰ ਦਾ ਵਿਸ਼ੇਸ਼ ਧਿਆਨ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਅਤੇ ਗੁਣਵੱਤਾ ਸਿੱਖਿਆ ਪ੍ਰਣਾਲੀ ਮੁਹੱਈਆ ਕਰਨਾ ਹੈ। ਅੱਜ ਪਹਿਲਾ ਨਾਲੋਂ ਸਰਕਾਰੀ ਸਕੂਲਾਂ ਵਿੱਚ ਬਹੁਤ ਵੱਡੇ ਬਦਲਾਅ ਆਏ ਹਨ। ਇਹ ਗੱਲ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਖੰਨਾ ਦੇ ਦੋ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲਾਂ ਵਿੱਚ 37.68 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਹੀ। ਉਨ੍ਹਾਂ ਕਿਹਾ ਕਿ ਸਰਕਾਰੀ ਹਾਈ ਸਕੂਲ ਘੁੰਗਰਾਲੀ ਰਾਜਪੂਤਾਂ ਵਿਚ 11 ਲੱਖ ਰੁਪਏ ਦੀ ਲਾਗਤ ਨਾਲ ਸਾਇੰਸ ਲੈਬ, 21.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਖੇਡ ਮੈਦਾਨ ਦੀ ਚਾਰਦੀਵਾਰੀ ਅਤੇ 21.50 ਲੱਖ ਰੁਪਏ ਨਾਲ ਸਕੂਲ ਦੇ ਪਖ਼ਾਨਿਆਂ ਦੀ ਮੁਰੰਮਤ ਕਰਵਾਈ ਗਈ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਜਟਾਣਾ ਵਿਚ 3,78,220 ਰੁਪਏ ਨਾਲ ਮੁਰੰਮਤ ਕਰਵਾਈ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਲੜਕੇ/ਲੜਕੀਆਂ ਨੂੰ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 56 ਹਜ਼ਾਰ ਨੌਕਰੀਆਂ ਦੇ ਚੁੱਕੀ ਹੈ। ਸਰਕਾਰ ਵੱਲੋਂ ਹੁਣ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਵੰਡੇ ਜਾ ਰਹੇ ਹਨ। ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਬੱਚਿਆਂ ਦੀਆਂ ਵਰਦੀਆਂ ਅਤੇ ਕਿਤਾਬਾਂ ਵਿਚ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।