ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਖੰਨਾ ਦੇ ਵਾਰਡ ਨੰਬਰ-8 ਵਿੱਚ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈੱਲ ਦਾ ਉਦਘਾਟਨ ਕਰ ਕੇ ਇਸ ਨੂੰ ਲੋਕ ਅਰਪਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਵਾਰਡ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਵਾਰਡ ਨੰਬਰ-8, 9 ਅਤੇ 10 ਦੇ ਲੋਕਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਨਵੇਂ ਟਿਊਬਵੈੱਲ ਦੀ ਸ਼ੁਰੂਆਤ ਹੋਣ ਨਾਲ ਕਰੀਬ 25 ਤੋਂ 30 ਹਜ਼ਾਰ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ।
ਸ੍ਰੀ ਸੌਂਦ ਨੇ ਕਿਹਾ ਕਿ ਹਲਕੇ ਵਿਚ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਵਿਚ ਤੇਜ਼ੀ ਲਿਆਂਦੀ ਗਈ ਹੈ ਤਾਂ ਜੋ ਵਸਨੀਕਾਂ ਨੂੰ ਇਸ ਦਾ ਲਾਭ ਮਿਲ ਸਕੇ। ਕੌਂਸਲਰ ਸਰਵਦੀਪ ਸਿੰਘ ਕਾਲੀਰਾਓ ਅਤੇ ਇਲਾਕੇ ਦੇ ਲੋਕਾਂ ਨੇ ਕੈਬਨਿਟ ਮੰਤਰੀ ਦਾ ਟਿਊਬਵੈਲ ਅਤੇ ਗ੍ਰਾਂਟ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਜਗਤਾਰ ਸਿੰਘ ਗਿੱਲ, ਐਸਡੀਐਮ ਡਾ.ਬਲਜਿੰਦਰ ਸਿੰਘ ਢਿੱਲੋਂ, ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ, ਭੁਪਿੰਦਰ ਸਿੰਘ ਸੌਂਦ, ਕੌਂਸਲਰ ਪਰਮਪ੍ਰੀਤ ਸਿੰਘ ਪੌਂਪੀ, ਰਾਜਿੰਦਰਜੀਤ ਸਿੰਘ, ਹਰਜੀਤ ਸਿੰਘ ਭਾਟੀਆ, ਸੁਖਮਨਜੀਤ ਸਿੰਘ, ਕਰਨ ਅਰੋੜਾ, ਨੀਸ਼ੂ ਕਪਿਲਾ, ਅਵਤਾਰ ਸਿੰਘ, ਗੁਰਚਰਨ ਸਿੰਘ, ਗੁਰਦੀਪ ਸਿੰਘ, ਮਲਕੀਤ ਸਿੰਘ ਤੇ ਹੋਰ ਹਾਜ਼ਰ ਸਨ।