ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 8 ਮਈ
ਇੱਥੇ ਅੱਜ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਕਿਹਾ ਹੈ ਕਿ ਅਨੁਸੂਚਿਤ ਜਾਤੀ ਵਰਗ ਨਾਲ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਕਮਿਸ਼ਨ ਦੀ ਇਹ ਹਮੇਸ਼ਾਂ ਤਰਜੀਹ ਰਹੀ ਹੈ ਕਿ ਅਨੁਸੂਚਿਤ ਜਾਤੀ ਵਰਗ ਨੂੰ ਸਮਾਜ ਵਿੱਚ ਬਣਦਾ ਪੂਰਾ ਮਾਣ-ਸਤਿਕਾਰ ਮਿਲੇ। ਉਹ ਅੱਜ ਮਾਂ ਦਿਵਸ ਮੌਕੇ ਸਾਬਕਾ ਅਕਾਲੀ ਆਗੂ ਮਰਹੂਮ ਜਥੇਦਾਰ ਉਜਾਗਰ ਸਿੰਘ ਛਾਪਾ ਦੇ ਗ੍ਰਹਿ ਵਿਖੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਸਾਂਪਲਾ ਨੇ ਕਿਹਾ ਕਿ ਮਾਂ ਦੇ ਅਸ਼ੀਰਵਾਦ ਤੋਂ ਬਿਨਾ ਮਨੁੱਖੀ ਜੀਵਨ ਅਧੂਰਾ ਹੈ ਅਤੇ ਮਾਂ ਦੀ ਮਹੱਤਤਾ ਉਨ੍ਹਾਂ ਲੋਕਾਂ ਨੂੰ ਪੁੱਛ ਕੇ ਦੇਖੋ ਜਿਨ੍ਹਾਂ ਦੀਆਂ ਮਾਵਾਂ ਵਿਛੜ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਉਨ੍ਹਾਂ ਤੱਕ ਪਹੁੰਚਦੀਆਂ ਰਹਿੰਦੀਆਂ ਹਨ ਅਤੇ ਉਨ੍ਹਾਂ ਦੀ ਹਮੇਸ਼ਾਂ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਹਰ ਸ਼ਿਕਾਇਤ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਹੋਵੇ ਅਤੇ ਕਿਸੇ ਵੀ ਵਿਅਕਤੀ ਨਾਲ ਅਨਿਆਂ ਨਾ ਹੋਵੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਉਹ ਕਮਿਸ਼ਨ ਦੇ ਚੇਅਰਮੈਨ ਵਜੋਂ ਕੋਈ ਸਿਆਸੀ ਟਿੱਪਣੀ ਨਹੀਂ ਕਰ ਸਕਦੇ ਪਰ ਪੰਜਾਬ ਦੀ ਜਨਤਾ ਤੋਂ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਪੁੱਛਿਆ ਜਾਵੇ ਤਾਂ ਅਸਲੀਅਤ ਪਤਾ ਲੱਗ ਜਾਵੇਗੀ। ਉਨ੍ਹਾਂ ਸਵਰਗੀ ਉਜਾਗਰ ਸਿੰਘ ਛਾਪਾ ਦੀ ਪਤਨੀ ਮਾਤਾ ਨਸੀਬ ਕੌਰ ਤੋਂ ਅਸ਼ੀਰਵਾਦ ਲਿਆ। ਮਾਤਾ ਨਸੀਬ ਕੌਰ ਨੇ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਛਾਪਾ ਨੇ ਸ੍ਰੀ ਵਿਜੈ ਸਾਂਪਲਾ ਦਾ ਨਿਵਾਸ ਸਥਾਨ ’ਤੇ ਪੁੱਜਣ ’ਤੇ ਸਵਾਗਤ ਕੀਤਾ। ਇਸ ਤੋਂ ਪਹਿਲਾਂ ਸਥਾਨਕ ਸਰਕਟ ਹਾਊਸ ਵਿੱਚ ਪਹੁੰਚਣ ’ਤੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਕਮਿਸ਼ਨ ਦੇ ਚੇਅਰਮੈਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਕੁਲਦੀਪ ਸਿੰਘ ਭੰਗੇਵਾਲਾ, ਐਡਵੋਕੇਟ ਅਭਿਜੀਤ ਸੰਧੂ, ਬਾਬੂ ਸੂਰਤ ਰਾਮ ਸਿੰਗਲਾ, ਲੋਕੇਸ਼ ਜੈਨ, ਤੇਜਿੰਦਰ ਸਿੰਘ ਲੱਕੀ, ਕੁਲਦੀਪ ਸਿੰਘ ਰੁਪਾਲ ਆਦਿ ਹਾਜ਼ਰ ਸਨ।