ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 29 ਅਗਸਤ
ਨਗਰ ਨਿਗਮ ਲੁਧਿਆਣਾ ਦੀ ਪ੍ਰਾਪਰਟੀ ਟੈਕਸ ਵਿਭਾਗ ਦੀਆਂ ਟੀਮਾਂ ਨੇ ਹੁਣ ਪ੍ਰਾਪਰਟੀ ਟੈਕਸ ਰਿਟਰਨ ਭਰਨ ਵਾਲਿਆਂ ਦੀ ਰਿਟਰਨਾਂ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਪ੍ਰਾਪਰਟੀ ਟੈਕਸ ਡਿਫਾਲਟਰਾਂ ਤੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਫੜਨ ਲਈ ਵੱਡੀਆਂ ਜਾਇਦਾਦਾਂ ਦੀ ਰੁਟੀਨ ਜਾਂਚ ਸ਼ੁਰੂ ਕਰਦੇ ਹੋਏ, ਨਗਰ ਨਿਗਮ ਨੇ ਸ਼ਹਿਰ ਦੇ ਵੱਖ-ਵੱਖ ਮਾਲਾਂ ਦੇ ਪ੍ਰਬੰਧਕਾਂ ਵੱਲੋਂ ਦਾਇਰ ਕੀਤੀਆਂ ਪ੍ਰਾਪਰਟੀ ਟੈਕਸ ਰਿਟਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਂਚ ਨਗਰ ਨਿਗਮ ਦੇ ਜ਼ੋਨ ਡੀ ਅਧੀਨ ਆਉਂਦੇ ਇਲਾਕਿਆਂ ਤੋਂ ਸ਼ੁਰੂ ਕੀਤੀ ਗਈ ਹੈ। ਮੰਗਲਵਾਰ ਨੂੰ ਨਗਰ ਨਿਗਮ ਦੇ ਅਧਿਕਾਰੀਆਂ ਦੀ ਟੀਮ ਨੇ ਇਸ ਸਬੰਧ ਵਿੱਚ ਫਿਰੋਜ਼ਪੁਰ ਰੋਡ ’ਤੇ ਸਥਿਤ ਵੇਵ ਮਾਲ ਦਾ ਨਿਰੀਖਣ ਵੀ ਕੀਤਾ। ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਹੋਰ ਮਾਲਾਂ ਦੀ ਵੀ ਜਾਂਚ ਕੀਤੀ ਜਾਵੇਗੀ। ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਨੇ ਦੱਸਿਆ ਕਿ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਨਿਰਦੇਸ਼ਾਂ ’ਤੇ ਜਾਂਚ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਜਸਦੇਵ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਮੰਗਲਵਾਰ ਨੂੰ ਵੇਵ ਮਾਲ ਵਿਖੇ ਨਗਰ ਨਿਗਮ ਦੀ ਟੀਮ ਵੱਲੋਂ ਨਿਰੀਖਣ ਕੀਤਾ ਗਿਆ ਅਤੇ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਸੁਪਰਡੈਂਟ ਤਰੁਣ ਗੋਇਲ, ਇੰਸਪੈਕਟਰ ਜਸਪ੍ਰੀਤ ਸਿੰਘ ਅਤੇ ਇੰਸਪੈਕਟਰ ਓਮ ਪ੍ਰਕਾਸ਼ ਟੀਮ ਦੇ ਮੈਂਬਰ ਹਨ। ਉਨ੍ਹਾਂ ਦੱਸਿਆ ਕਿ ਜੇ ਪ੍ਰਾਪਰਟੀ ਟੈਕਸ ਭਰਨ ਵਿੱਚ ਕੋਈ ਗੜਬੜੀ ਪਾਈ ਗਈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਏਗੀ। ਸੇਖੋਂ ਨੇ ਕਿਹਾ ਕਿ ਜੇ ਕਿਸੇ ਨੇ ਪਿਛਲੇ ਸਮੇਂ ਦੌਰਾਨ ਗਲਤ ਪ੍ਰਾਪਰਟੀ ਟੈਕਸ ਭਰਿਆ ਹੈ ਤਾਂ ਡਿਫਾਲਟਰਾਂ ਖ਼ਿਲਾਫ਼ 100 ਫੀਸਦੀ ਜੁਰਮਾਨਾ ਲਗਾਇਆ ਜਾਵੇਗਾ।