ਪੰਜਾਬ ਵਿੱਚ ਸੁਰੱਖਿਆ ਪ੍ਰਬੰਧ ਰਾਮ ਭਰੋਸੇ: ਬੈਂਸ
ਗੁਰਿੰਦਰ ਸਿੰਘ
ਲੁਧਿਆਣਾ, 10 ਜੁਲਾਈ
ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੰਜਾਬ ਵਿੱਚ ਹਰ ਰੋਜ਼ ਕਾਨੂੰਨ ਵਿਵਸਥਾ ਦੀਆਂ ਧੱਜੀਆਂ ਉੱਡ ਰਹੀਆਂ ਹਨ ਜਿਸ ਨਾਲ ਅਪਰਾਧੀ ਨਿਡਰ ਹਨ ਅਤੇ ਲੋਕ ਬੇਵੱਸ।
ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਪਰਾਧੀ ਹਰ ਰੋਜ਼ ਖੁੱਲ੍ਹੇਆਮ ਅਪਰਾਧ ਕਰ ਰਹੇ ਹਨ ਅਤੇ ਪੁਲੀਸ ਸਿਰਫ਼ ਲਕੀਰ ਪਿੱਟਣ ਦਾ ਕੰਮ ਕਰ ਰਹੀ ਹੈ। ਰਾਜ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਦੇ ਕਾਨੂੰਨ ਵਿਵਸਥਾ ਵਿੱਚ ਸੁਧਾਰ ਦੇ ਵੱਡੇ-ਵੱਡੇ ਦਾਅਵੇ ਅਸਫ਼ਲ ਸਾਬਤ ਹੋ ਰਹੇ ਹਨ।
ਸ੍ਰੀ ਬੈਂਸ ਨੇ ਕਿਹਾ ਕਿ ਪੰਜਾਬ ਅਪਰਾਧਿਕ ਘਟਨਾਵਾਂ ਦਾ ਗੜ੍ਹ ਬਣਦਾ ਜਾ ਰਿਹਾ ਹੈ। ਰਾਜ ਦੀ ਵਿਗੜਦੀ ਕਾਨੂੰਨ ਵਿਵਸਥਾ ਨੇ ਲੋਕਾਂ ਦੀ ਚਿੰਤਾ ਨੂੰ ਵਧਾ ਦਿੱਤਾ ਹੈ। ਜ਼ਬਰੀ ਵਸੂਲੀ, ਟਾਰਗੇਟ ਕਿਲਿੰਗ ਅਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਧਦੇ ਮਾਮਲਿਆਂ ਕਾਰਨ ਸਰਕਾਰ ਦੀ ਕਾਰਗੁਜਾਰੀ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਚੋਰ ਅਤੇ ਲੁਟੇਰੇ ਲੋਕਾਂ ਦੇ ਘਰਾਂ, ਬੰਗਲਿਆਂ ਅਤੇ ਦੁਕਾਨਾਂ ਦੇ ਤਾਲੇ ਤੋੜ ਕੇ ਖੁੱਲ੍ਹੇਆਮ ਫ਼ਰਾਰ ਹੋ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਿਨ-ਬ-ਦਿਨ ਵਧ ਰਹੇ ਅਪਰਾਧ ਨੂੰ ਦੇਖ ਕੇ ਪੰਜਾਬ ਦੇ ਲੋਕ ਡਰ ਗਏ ਹਨ, ਅਤੇ ਆਪਣੇ ਆਪ ਨੂੰ ਇੱਥੇ ਅਸੁਰੱਖਿਅਤ ਮਹਿਸੂਸ ਕਰਨ ਲੱਗ ਪਏ ਹਨ। ਉਹ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਵਸਾਉਣ ਲਈ ਭੇਜ ਰਹੇ ਹਨ। ਪ੍ਰਵਾਸੀ ਭਾਰਤੀ ਕਦੇ ਮਾਣ ਨਾਲ ਪੰਜਾਬ ਨੂੰ ਆਪਣਾ ਘਰ ਕਹਿੰਦੇ ਸਨ, ਪਰ ਹੁਣ ਉਹ ਵੀ ਡਰ ਵਿੱਚ ਜੀ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਸਥਿਤੀ ਦੀ ਗੰਭੀਰਤਾ ਨੂੰ ਸਮਝੇ ਕਿਉਂਕਿ ਆਮ ਲੋਕਾਂ ਦੀ ਸੁਰੱਖਿਆ ਕਿਸੇ ਵੀ ਸਰਕਾਰ ਦੀ ਤਰਜ਼ੀਹ ਹੁੰਦੀ ਹੈ। ਸਰਕਾਰ ਨੂੰ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਣ ਲਈ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।