ਮੰਡੀ ਅਹਿਮਦਗੜ੍ਹ (ਮਹੇਸ਼ ਸ਼ਰਮਾ): ਸੂਬੇ ਵਿੱਚ ਹਾਲ ਹੀ ਵਿੱਚ ਵਾਪਰੀਆਂ ਬੇਅਦਬੀ ਅਤੇ ਹਿੰਸਾ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸਥਾਨਕ ਪੁਲੀਸ ਵੱਲੋਂ ਸਥਾਨਕ ਸ਼ਹਿਰ ਤੇ ਲਾਗਲੇ ਪਿੰਡਾਂ ਵਿੱਚ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਇਸ ਸਬੰਧ ਵਿੱਚ ਧਾਰਮਿਕ ਸੰਗਠਨਾਂ ਦੇ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਕੇ ਗੈਰ ਸਮਾਜਿਕ ਤੱਤਾਂ ਵੱਲੋਂ ਆਮ ਤੌਰ ’ਤੇ ਕੀਤੀਆਂ ਜਾਣ ਵਾਲੀਆਂ ਗੈਰ ਸਮਾਜਿਕ ਕਾਰਵਾਈਆਂ ਤੋਂ ਜਾਣੂ ਕਰਵਾਇਆ ਗਿਆ ਅਤੇ ਨਿਗਰਾਨੀ ਵਧਾਉਣ ਲਈ ਅਪੀਲ ਕੀਤੀ ਗਈ। ਡੀਐੱਸਪੀ ਅਹਿਮਦਗੜ੍ਹ ਹਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਐੱਸਐੱਸਪੀ ਮਾਲੇਰਕੋਟਲਾ ਡਾ. ਰਵਜੋਤ ਕੌਰ ਗਰੇਵਾਲ ਦੇ ਨਿਰਦੇਸ਼ਾਂ ਨੂੰ ਲਾਗੂ ਕਰਦਿਆਂ ਥਾਣਾ ਮੁਖੀ ਅਰਸ਼ਪ੍ਰੀਤ ਕੌਰ ਗਰੇਵਾਲ ਦੀ ਦੇਖ ਰੇਖ ਵਿੱਚ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਆਪਣੇ ਆਪਣੇ ਖੇਤਰ ਵਿੱਚ ਪੈਂਦੇ ਧਾਰਮਿਕ ਅਤੇ ਪਬਲਿਕ ਅਦਾਰਿਆਂ ਦੇ ਅਹੁਦੇਦਾਰਾਂ ਨਾਲ ਲਗਾਤਾਰ ਸੰਪਰਕ ਬਣਾ ਕੇ ਰੱਖ ਰਹੇ ਹਨ। ਇਸ ਤੋਂ ਇਲਾਵਾ ਅਜਨਬੀਆਂ ’ਤੇ ਨਜ਼ਰ ਰੱਖਣ ਲਈ ਹੋਟਲਾਂ ਤੇ ਧਰਮਸ਼ਾਲਾਵਾਂ ਦੇ ਰਿਕਾਰਡ ਚੈੱਕ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ ਅੱਜ ਅਧਿਕਾਰੀਆਂ ਵੱਲੋਂ ਪੁਲੀਸ ਦੇ ਸਹਿਯੋਗ ਨਾਲ ਲਗਪਗ ਸਾਰੇ ਸਰਕਾਰੀ ਦਫ਼ਤਰਾਂ, ਧਾਰਮਿਕ ਅਦਾਰਿਆਂ , ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ ਦੀ ਜਾਂਚ ਵੀ ਕੀਤੀ ਗਈ।