ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 21 ਨਵੰਬਰ
ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਅੱਗੇ ਲੱਗੇ ਪੱਕੇ ਮੋਰਚੇ ’ਤੇ ਅੰਦੋਲਨਕਾਰੀਆਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ ਅਤੇ ਅਮਰੀਕ ਸਿੰਘ ਜੜਤੌਲੀ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਆਗਾਮੀ ਸੰਸਦ ਸੈਸ਼ਨ ਵਿੱਚ ਸਭ ਫ਼ਸਲਾਂ ਦੀ ਖ਼ਰੀਦ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦਾ ਕਾਨੂੰਨ ਪਾਸ ਕਰਨਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖ਼ਰੀਦ ਭਾਵੇਂ ਸਰਕਾਰ ਕਰੇ ਜਾਂ ਕੋਈ ਪ੍ਰਾਈਵੇਟ ਏਜੰਸੀ ਪਰ ਬੋਲੀ ਘੱਟੋ-ਘੱਟ ਸਮਰਥਨ ਮੁੱਲ ਤੋਂ ਹੀ ਸ਼ੁਰੂ ਹੋਵੇ ਅਤੇ ਅਜਿਹਾ ਨਾ ਕਰਨ ਵਾਲਿਆਂ ਲਈ ਸਜ਼ਾ ਦਾ ਇੰਤਜ਼ਾਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੁਵੱਲੀ ਗੱਲਬਾਤ ਦੌਰਾਨ ਰੱਖੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦਾ ਐਲਾਨ ਕਰਨਾ ਚਾਹੀਦਾ ਹੈ। ਖ਼ੁਸ਼ਕ ਬੰਦਰਗਾਹ ਸਾਹਮਣੇ ਪੱਕੇ ਮੋਰਚੇ ਦੇ ਮੋਢੀ ਆਗੂਆਂ ਵਿਚ ਸ਼ਾਮਲ ਨੌਜਵਾਨ ਆਗੂ ਹਰਨੇਕ ਸਿੰਘ ਗੁੱਜਰਵਾਲ ਦਾ ਜਨਮਦਿਨ ਖ਼ੁਸ਼ਕ ਬੰਦਰਗਾਹ ਸਾਹਮਣੇ ਕੇਕ ਕੱਟ ਕੇ ਮਨਾਇਆ ਗਿਆ। ਅੰਦੋਲਨਕਾਰੀਆਂ ਨੇ ਹਰਨੇਕ ਸਿੰਘ ਗੁੱਜਰਵਾਲ ਨੂੰ ਜਨਮ ਦੀ ਵਧਾਈ ਦਿੱਤੀ।