ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 6 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਇਕੱਤਰਤਾ ਅੱਜ ਨੇੜਲੇ ਪਿੰਡ ਸੰਗਤਪੁਰਾ ਢੈਪਈ ਵਿੱਚ ਹੋਈ। ਇਸ ਵਿੱਚ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਉਚੇਚੇ ਤੌਰ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਮੋਦੀ ਹਕੂਮਤ ਵੱਲੋਂ ਇਕ ਸਾਲ ਤੱਕ ਕਿਸਾਨ ਸੰਘਰਸ਼ ਨੂੰ ਮੁਲਤਵੀ ਕਰਨ ਵੇਲੇ ਮੰਗੀਆਂ ਕਿਸਾਨੀ ਮੰਗਾਂ ’ਤੇ ਅਮਲ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਇਸੇ ਤਰ੍ਹਾਂ ਲਖੀਮਪੁਰ ਖੀਰੀ ਹਿੰਸਾ ਦਾ ਇਕ ਸਾਲ ਬੀਤ ਜਾਣ ’ਤੇ ਵੀ ਨਾ ਤਾਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਬਰਖ਼ਾਸਤ ਕਰਕੇ ਗ੍ਰਿਫ਼ਤਾਰ ਕੀਤਾ ਹੈ ਅਤੇ ਨਾ ਹੀ ਇਸ ਮਾਮਲੇ ਵਿੱਚ ਫਸਾਏ ਕਿਸਾਨਾਂ ਤੋਂ ਕੇਸ ਵਾਪਸ ਲੈ ਕੇ ਰਿਹਾਅ ਕੀਤਾ ਗਿਆ। ਘੱਟੋ ਘੱਟ ਸਮੱਰਥਨ ਮੁੱਲ ’ਤੇ ਗਾਰੰਟੀ ਵਾਲਾ ਕਾਨੂੰਨ ਵੀ ਹਾਲੇ ਤੱਕ ਲਾਗੂ ਨਹੀਂ ਹੋਇਆ। ਇਨ੍ਹਾਂ ਸਮੇਤ ਬਾਕੀ ਮੰਗਾਂ ਲਟਕਦੀਆਂ ਹੋਣ ਕਰਕੇ ਕਿਸਾਨਾਂ ਵਿੱਚ ਰੋਹ ਉਸੇ ਤਰ੍ਹਾਂ ਬਰਕਰਾਰ ਹੈ। ਹਕੂਮਤ ਨੂੰ ਭਰਮ ਹੈ ਕਿ ਸ਼ਾਇਦ ਸਮੇਂ ਦੇ ਨਾਲ ਸਭ ਕੁਝ ‘ਠੰਢਾ’ ਹੋ ਗਿਆ ਹੈ ਪਰ ਇਹ ਗੁੱਸਾ ਇਕ ਦਿਨ ਲਾਵਾ ਬਣ ਕੇ ਫੁੱਟੇਗਾ ਤਾਂ ਸਰਕਾਰ ਦੀਆਂ ਅੱਖਾਂ ਖੁੱਲ੍ਹਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੀ ਕਿਸਾਨਾਂ ਦੀ ਸਾਰ ਨਹੀਂ ਲੈ ਰਹੀ ਅਤੇ ਸੰਘਰਸ਼ ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਹਾਲੇ ਤੱਕ ਨਾ ਤਾਂ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਗਈ ਹੈ ਅਤੇ ਨਾ ਹੀ ਨੌਕਰੀਆਂ ਦਿੱਤੀਆਂ ਹਨ। ਇਸ ਮੌਕੇ ਬਲਾਕ ਪ੍ਰਧਾਨ ਹਰਜੀਤ ਸਿੰਘ ਜਨੇਤਪੁਰਾ ਸਮੇਤ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ। ਪਿੰਡ ਇਕਾਈ ਦੀ ਸਰਬਸੰਮਤੀ ਨਾਲ ਚੋਣ ‘ਚ ਸੁਖਦੇਵ ਸਿੰਘ ਨੂੰ ਪ੍ਰਧਾਨ, ਨਾਹਰ ਸਿੰਘ ਨੂੰ ਮੀਤ ਪ੍ਰਧਾਨ, ਮਨਦੀਪ ਸਿੰਘ ਸਕੱਤਰ, ਬਲਜਿੰਦਰ ਸਿੰਘ ਖਜ਼ਾਨਚੀ ਅਤੇ ਲਖਵੀਰ ਸਿੰਘ ਪ੍ਰੈੱਸ ਸਕੱਤਰ ਚੁਣੇ ਗਏ। ਇਸ ਤੋਂ ਇਲਾਵਾ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਈ ਜਿਸ ‘ਚ ਜਗਜੀਤ ਸਿੰਘ, ਸੁੱਖਾ ਸਿੰਘ, ਹਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਸੁਖਜੀਤ ਸਿੰਘ, ਸੁਖਚੈਨ ਸਿੰਘ, ਰਵਿੰਦਰ ਸਿੰਘ ਕਮੇਟੀ ਮੈਂਬਰ ਚੁਣੇ ਗਏ।