ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਡਾਇਰੈਕਟੋਰੇਟ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ। ਇਸ ਸਮਾਗਮ ਦਾ ਉਦੇਸ਼ ਨੌਵੇਂ ਸਿੱਖ ਗੁਰੂ ਸਾਹਿਬ ਦੇ ਜੀਵਨ, ਕੁਰਬਾਨੀ ਅਤੇ ਵਿਸ਼ਵਵਿਆਪੀ ਸੰਦੇਸ਼ ਦਾ ਸਨਮਾਨ ਕਰਨਾ ਸੀ, ਜਿਨ੍ਹਾਂ ਨੂੰ ਦੁਨੀਆਂ ਭਰ ਵਿੱਚ ਸਹਿਣਸ਼ੀਲਤਾ, ਨਿਆਂ ਅਤੇ ਮਨੁੱਖਤਾ ਦੇ ਪ੍ਰਤੀਕ ਵਜੋਂ ਸਤਿਕਾਰਿਆ ਜਾਂਦਾ ਹੈ। ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਲਗਭਗ 200 ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸੈਮੀਨਾਰ ਵਿੱਚ ਸ਼ਿਰਕਤ ਕੀਤੀ।
ਉਪ ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਇਸ ਪਹਿਲਕਦਮੀ ਲਈ ਸਟੱਡੀ ਸਰਕਲ ਦੀ ਟੀਮ ਦੀ ਪ੍ਰਸ਼ੰਸਾ ਕੀਤੀ ਅਤੇ ਗੁਰੂ ਤੇਗ਼ ਬਹਾਦਰ ਜੀ ਦੀ ਮਨੁੱਖੀ ਮਾਣ-ਸਨਮਾਨ ਦੀ ਰੱਖਿਆ ਲਈ ਬੇਮਿਸਾਲ ਹਿੰਮਤ ਅਤੇ ਵਚਨਬੱਧਤਾ ਨੂੰ ਉਜਾਗਰ ਕੀਤਾ। ਡਾ. ਸਰਬਜੀਤ ਸਿੰਘ ਰੇਣੂਕਾ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਦੇ ਸਰਵ-ਵਿਆਪਕ ਵਰਤਾਰੇ ’ਤੇ ਜ਼ੋਰ ਦਿੱਤਾ। ਸਟੱਡੀ ਸਰਕਲ ਦੇ ਸੰਸਥਾਪਕ ਚੇਅਰਮੈਨ ਗੁਰਮੀਤ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਅਤੇ ਸਟੱਡੀ ਸਰਕਲ ਦੇ ਅਹੁਦੇਦਾਰਾਂ ਨੇ ਵੀ ਸ਼ਿਰਕਤ ਕੀਤੀ।
ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਰਾਬਿੰਦਰ ਸਿੰਘ ਔਲਖ ਨੇ ਪਤਵੰਤਿਆਂ ਦਾ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਵੈਟਰਨਰੀ ਵਰਸਿਟੀ ਦੇ ਆਉਣ ਵਾਲੇ ਯੁਵਕ ਮੇਲੇ ਦੇ ਸ਼ਬਦ ਗਾਇਨ ਮੁਕਾਬਲੇ ਵੀ ਇਸ ਮਹਾਨ ਕੁਰਬਾਨੀ ਨੂੰ ਸਮਰਪਿਤ ਹੋਣਗੇ। ਡਾ. ਜਸਪਾਲ ਸਿੰਘ ਹੁੰਦਲ ਨੇ ਮੰਚ ਸੰਚਾਲਨ ਕੀਤਾ ਅਤੇ ਪ੍ਰੋਗਰਾਮ ਦੇ ਸੁਚਾਰੂ ਤਾਲਮੇਲ ਲਈ ਸਾਰਿਆਂ ਦਾ ਧੰਨਵਾਦ ਕੀਤਾ ।

