ਗੁਰੂ ਤੇਗ ਬਹਾਦਰ ਨੂੰ ਸਮਰਪਿਤ ਸੈਮੀਨਾਰ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਡਾ. ਜਸਰੀਤ ਕੌਰ ਦੀ ਰਹਿਨੁਮਾਈ ਹੇਠ ਸਰਕਾਰੀ ਕਾਲਜ ਲੁਧਿਆਣਾ ਈਸਟ ਵਿੱਚ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਦੋ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ, ਉਪਦੇਸ਼ਾਂ ਅਤੇ ਬਲਿਦਾਨ ਦੀ ਮਹਾਨਤਾ ਨਾਲ ਜਾਣੂ ਕਰਵਾਉਣਾ ਸੀ।
ਸੈਮੀਨਾਰ ਦੇ ਪਹਿਲੇ ਦਿਨ ਪ੍ਰੋ. ਸੁਰਿੰਦਰ ਖੰਨਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਮਨੁੱਖਤਾ ਪ੍ਰਤੀ ਉਨ੍ਹਾਂ ਦੀ ਸੇਵਾ ਤੇ ਧਰਮ ਦੀ ਰੱਖਿਆ ਲਈ ਦਿੱਤੇ ਬੇਮਿਸਾਲ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਨਾ ਸਿਰਫ ਸਿੱਖ ਧਰਮ ਦੀ ਰੱਖਿਆ ਲਈ ਬਲਕਿ ਸਾਰੀ ਮਨੁੱਖਤਾ ਦੀ ਆਜ਼ਾਦੀ ਅਤੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਆਪਣਾ ਜੀਵਨ ਨਿਛਾਵਰ ਕੀਤਾ।
ਸੈਮੀਨਾਰ ਦੇ ਦੂਸਰੇ ਦਿਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸੁਰਜੀਤ ਸਿੰਘ (ਲੁਧਿਆਣਾ ਜੋਨਲ ਪ੍ਰਧਾਨ) ਅਤੇ ਜਸਪਾਲ ਸਿੰਘ (ਲੁਧਿਆਣਾ ਜੋਨਲ ਸਕੱਤਰ) ਨੇ ਗੁਰੂ ਸਾਹਿਬ ਜੀ ਦੀ ਸ਼ਹੀਦੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਨੂੰ ਸੰਸਾਰ ਦੇ ਇਤਿਹਾਸ ਵਿੱਚ ਇੱਕ ਵਿਲੱਖਣ ਉਦਾਹਰਣ ਕਰਾਰ ਦਿੱਤਾ। ਰੋ.ਮਨਪ੍ਰੀਤ ਕੌਰ ਨੇ ਇਸ ਪ੍ਰੋਗਰਾਮ ਨੂੰ ਸਫਲਤ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕੀਤੀ। ਸਮਾਰੋਹ ਦੇ ਅਖੀਰ ਵਿੱਚ ਪ੍ਰੋ. ਬਨੀਤਾ ਝਾਂਜੀ ਨੇ ਸਾਰੇ ਆਏ ਮਹਿਮਾਨਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ।
