ਸੱਤ ਕਰੋੜੀ ਨਹਿਰੀ ਪਾਣੀ ਵਾਲੇ ਪ੍ਰਾਜੈਕਟ ਦੀ ਸ਼ੁਰੂਆਤ
ਸਮਾਰਟ ਸਿਟੀ ਲੁਧਿਆਣਾ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ 24 ਘੰਟੇ ਸਪਲਾਈ ਦੇਣ ਲਈ ਵਰਲਡ ਬੈਂਕ ਦੀ ਮਦਦ ਨਾਲ ਲੁਧਿਆਣਾ ਵਿੱਚ 24 ਘੰਟੇ ਨਹਿਰੀ ਜਲ ਸਪਲਾਈ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਅੱਜ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਰੋਜ਼ ਗਾਰਡਨ ਨੇੜੇ 7 ਕਰੋੜ ਰੁਪਏ ਦੀ ਲਾਗਤ ਨਾਲ ਪਾਈਪਲਾਈਨਾਂ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਨਹਿਰੀ ਜਲ ਸਪਲਾਈ ਪ੍ਰਾਜੈਕਟ ਤਹਿਤ ਜਲ ਇਹ ਨਵੀਆਂ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ। ਕੌਂਸਲਰ ਨੰਦਿਨੀ ਮਨੂ ਜੈਰਥ ਦੇ ਨਾਲ ਮੇਅਰ ਇੰਦਰਜੀਤ ਕੌਰ ਨੇ ਨਹਿਰੂ ਰੋਜ਼ ਗਾਰਡਨ ਨੇੜੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਇਸ ਪ੍ਰਾਜੈਕਟ ’ਤੇ 7 ਕਰੋੜ ਰੁਪਏ ਦੀ ਲਾਗਤ ਨਾਲ 2.8 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਜਾਵੇਗੀ। ਮੇਅਰ ਇੰਦਰਜੀਤ ਕੌਰ ਨੇ ਦੱਸਿਆ ਕਿ ਇਹ ਪ੍ਰਾਜੈਕਟ ਪਹਿਲੇ ਪੜਾਅ ਤਹਿਤ ਕੀਤਾ ਜਾ ਰਿਹਾ ਹੈ ਜਿਸ ਅਧੀਨ ਪਿੰਡ ਬਿਲਗਾ (ਸਾਹਨੇਵਾਲ ਦੇ ਨੇੜੇ) ਵਿੱਚ ਇੱਕ ਵਿਸ਼ਵ ਪੱਧਰੀ ਵਾਟਰ ਟਰੀਟਮੈਂਟ ਪਲਾਂਟ (ਡਬਲਯੂ ਟੀ ਪੀ) ਵੀ ਸਥਾਪਤ ਕੀਤਾ ਜਾ ਰਿਹਾ ਹੈ। 1300 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਤਹਿਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਣੀ ਵਾਲੀਆਂ ਟੈਂਕੀਆਂ ਅਤੇ ਸਬੰਧਤ ਪਾਈਪਲਾਈਨਾਂ ਵਿਛਾਈਆਂ ਜਾ ਰਹੀਆਂ ਹਨ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਆਪ ਸਰਕਾਰ ਸੂਬੇ ਭਰ ਵਿੱਚ ਲੋਕ-ਕੇਂਦ੍ਰਿਤ ਪ੍ਰਾਜੈਕਟ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਨਿਰਧਾਰਤ ਸਮੇਂ ਦੇ ਅੰਦਰ ਪ੍ਰਾਜੈਕਟ ਨੂੰ ਪੂਰਾ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ। ਮੇਅਰ ਨੇ ਨਗਰ ਨਿਗਮ ਨੇ ਠੇਕੇਦਾਰਾਂ ਨੂੰ ਵਧੀਆ ਸਮੱਗਰੀ ਵਤਰਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਵਿੱਚ ਹੁੰਦੇ ਵਿਕਾਸ ਕਾਰਜਾਂ ’ਤੇ ਨਜ਼ਰ ਰੱਖਣ। ਇਹ ਲੋਕਾਂ ਦੀ ਟੈਕਸਾਂ ਦੀ ਪੈਸਾ ਹੈ, ਜਿਸ ਦੀ ਸਹੀ ਵਰਤੋਂ ਹੋਣੀ ਚਾਹੀਦੀ ਹੈ।
