ਕਾਂਗਰਸ ਦੀ Isru Conference ’ਤੇ ਧੜੇਬੰਦੀ ਦਾ ਪਰਛਾਵਾਂ
ਤਿੰਨ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਨੇ ਵੜਿੰਗ ਦੀ ਥਾਂ ਚੰਨੀ ਦੇ ਫਲੈਕਸ ਲਾਏ
ਕਾਂਗਰਸ ਵੱਲੋਂ ਪੁਲੀਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਪਿੰਡ ਈਸੜੂ ਵਿੱਚ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਅਤੇ ਭੁਪਿੰਦਰ ਸਿੰਘ ਦੀ ਯਾਦ ਵਿੱਚ 15 ਅਗਸਤ ਨੂੰ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਵਾਰ ਕਾਨਫਰੰਸ ’ਤੇ ਕਾਂਗਰਸ ਅੰਦਰ ਉੱਭਰ ਕੇ ਆਈ ਧੜੇਬੰਦੀ ਦਾ ਸਪੱਸ਼ਟ ਪਰਛਾਵਾਂ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਨਫਰੰਸ ਲਾਏ ਫਲੈਕਸ ਬੋਰਡਾਂ ਵਿੱਚ ਪਾਰਟੀ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ ਹੈ, ਜਦੋਂਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਤਸਵੀਰਾਂ ਵਾਲੇ ਬੋਰਡ ਲਾਏ ਗਏ ਹਨ।
ਜਾਣਕਾਰੀ ਅਨੁਸਾਰ ਪੁਲੀਸ ਤਿੰਨਾਂ ਵਿਧਾਨ ਸਭਾ ਹਲਕਿਆਂ ਖੰਨਾ ਤੋਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਪਾਇਲ ਤੋਂ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਸਮਰਾਲਾ ਤੋਂ ਪਾਰਟੀ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਵੱਲੋਂ ਇਹ ਪੋਸਟਰ ਲਾਏ ਗਏ ਹਨ। ਇਹ ਤਿੰਨੇ ਆਗੂ ਪਹਿਲਾਂ ਵੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀਆਂ ਜਾਂਦੀਆਂ ਮੀਟਿੰਗਾਂ ਅਤੇ ਸਮਾਗਮਾਂ ਵਿੱਚ ਸਰਗਰਮੀ ਨਾਲ ਸ਼ਾਮਲ ਹੁੰਦੇ ਰਹੇ ਹਨ। ਇਹ ਆਗੂ ਮੰਗ ਕਰ ਰਹੇ ਹਨ ਕਿ ਵਿਧਾਨ ਸਭਾ ਚੋਣਾਂ ਦੌਰਾਨ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕੀਤਾ ਜਾਵੇ।
ਹਾਈਕਮਾਂਡ ਦੀਆਂ ਕੋਸ਼ਿਸ਼ਾਂ ਮਗਰੋਂ ਵੀ ਨਹੀਂ ਘਟੀ ਧੜੇਬੰਦੀ
ਕਾਂਗਰਸ ਪਾਰਟੀ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਵੱਲੋਂ ਆਪਣੇ ਪੰਜਾਬ ਦੌਰੇ ਦੌਰਾਨ ਪਾਰਟੀ ਅੰਦਰ ਫੈਲੀ ਧੜੇਬੰਦੀ ਨੂੰ ਖ਼ਤਮ ਕਰਨ ਲਈ ਕਈ ਅਹਿਮ ਯਤਨ ਕੀਤੇ ਗਏ, ਪਰ ਜ਼ਮੀਨੀ ਪੱਧਰ ’ਤੇ ਸਥਿਤੀ ਵਿੱਚ ਕੋਈ ਖ਼ਾਸ ਸੁਧਾਰ ਨਜ਼ਰ ਨਹੀਂ ਆ ਰਿਹਾ। ਹਾਲ ਹੀ ਵਿੱਚ ਖੰਨਾ ਵਿੱਚ ਰੈਲੀ ਦੌਰਾਨ ਰਾਜਾ ਵੜਿੰਗ ਨੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ’ਤੇ ਸ਼ਬਦੀ ਹਮਲੇ ਕੀਤੇ ਸਨ। ਹਾਲਾਂਕਿ, ਇਸ ਦੇ ਬਾਵਜੂਦ ਖੰਨਾ, ਪਾਇਲ ਅਤੇ ਸਮਰਾਲਾ ਦੇ ਇੰਚਾਰਜਾਂ ਦੀ ਇਸ ਤਿੱਕੜੀ ਨੇ ਈਸੜੂ ਕਾਨਫਰੰਸ ਸਬੰਧੀ ਫਲੈਕਸ ਬੋਰਡਾਂ ਵਿੱਚ ਚੰਨੀ ਦੀਆਂ ਤਸਵੀਰਾਂ ਲਾ ਕੇ ਹਾਈਕਮਾਂਡ ਨੂੰ ਸੰਕੇਤ ਦੇ ਦਿੱਤਾ ਹੈ। ਪੰਜਾਬ ਕਾਂਗਰਸ ਅੰਦਰ ਦਿਨੋ-ਦਿਨ ਵਧ ਰਹੀ ਖਿੱਚੋਤਾਣ ਕਾਰਨ ਜਿੱਥੇ ਆਮ ਵਰਕਰਾਂ ਵਿੱਚ ਕਾਫ਼ੀ ਨਿਰਾਸ਼ਾ ਹੈ, ਉੱਥੇ ਹੀ ਪਾਰਟੀ ਹਾਈਕਮਾਂਡ ਲਈ ਵੀ ਵੱਡਾ ਸਿਰਦਰਦੀ ਬਣਦੀ ਜਾ ਰਹੀ ਹੈ। ਜੇ ਸਮਾਂ ਰਹਿੰਦਿਆਂ ਇਸ ਅੰਦਰੂਨੀ ਕਲੇਸ਼ ਨੂੰ ਖ਼ਤਮ ਨਾ ਕੀਤਾ ਗਿਆ, ਤਾਂ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਨੂੰ ਇਸ ਦਾ ਭਾਰੀ ਖ਼ੁਮਿਆਜ਼ਾ ਭੁਗਤਣਾ ਪੈ ਸਕਦਾ ਹੈ।

