ਸ਼ਾਹੀ ਇਮਾਮ ਨੇ ਹੜ੍ਹ ਪੀੜਤਾਂ ਨੂੰ 50 ਲੱਖ ਦੇ ਚੈੱਕ ਵੰਡੇ
ਸਾਬਕਾ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੀ ਚੌਥੀ ਬਰਸੀ (ਯੋਮੇ ਵਫਾਤ) ਮੌਕੇ ਅਹਿਰਾਰ ਫਾਊਂਡੇਸ਼ਨ ਵੱਲੋਂ ਪੰਜਾਬ ਦੇ ਵੱਖ ਵੱਖ ਹੜ੍ਹ ਪੀੜਤ ਪਰਿਵਾਰਾਂ ਨੂੰ 50 ਲੱਖ ਰੁਪਏ ਦੇ ਸਹਾਇਤਾ ਚੈੱਕ ਵੰਡੇ ਗਏ ਹਨ। ਇਤਿਹਾਸਕ ਜਾਮਾ ਮਸਜਿਦ ਵਿੱਚ ਕਰਵਾਏ ਸਮਾਗਮ ਦੌਰਾਨ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਦੇਸ਼ ਅਤੇ ਸਮਾਜ ਦੀ ਸੇਵਾ ਅਤੇ ਸਿੱਖਿਆ ਉਨ੍ਹਾਂ ਨੂੰ ਆਪਣੇ ਪਿਤਾ ਮਰਹੂਮ ਸਾਬਕਾ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਤੋਂ ਵਿਰਾਸਤ ਵਿੱਚ ਮਿਲੀ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਪੰਜਾਬ ਵਿੱਚ ਹੜ੍ਹਾਂ ਕਾਰਨ ਬਹੁਤ ਸਾਰੇ ਪਰਿਵਾਰ ਪ੍ਰਭਾਵਿਤ ਹੋਏ ਹਨ ਅਤੇ ਜਾਮਾ ਮਸਜਿਦ ਦੇ ਇੱਕ ਐਲਾਨ ਤੋਂ ਬਾਅਦ ਦੇਸ਼ ਭਰ ਦੇ ਮੁਸਲਿਮ ਭਾਈਚਾਰੇ ਵੱਲੋਂ ਜਿਸ ਤਰ੍ਹਾਂ ਮੁਹੱਬਤ, ਭਾਈਚਾਰੇ ਅਤੇ ਏਕਤਾ ਦਾ ਸਬੂਤ ਦਿੰਦਿਆਂ ਪ੍ਰਭਾਵਿਤ ਲੋਕਾਂ ਦੀ ਸੇਵਾ ਕੀਤੀ ਗਈ ਹੈ, ਉਹ ਸ਼ਲਾਘਾਯੋਗ ਹੈ। ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਜਾਮਾ ਮਸਜਿਦ ਦੀ ਸੰਸਥਾ ਅਹਿਰਾਰ ਫਾਊਂਡੇਸ਼ਨ ਵੱਲੋਂ ਅੱਜ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਦੇਣ ਤੋਂ ਇਲਾਵਾ ਮਦਦ ਦਾ ਹੱਥ ਵਧਾਇਆ ਗਿਆ ਹੈ ਜਿਨ੍ਹਾਂ ਦੇ ਘਰ ਹੜ੍ਹਾਂ ਵਿੱਚ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਜ਼ਿਕਰਯੋਗ ਹੈ ਕਿ ਅਹਿਰਾਰ ਫਾਊਂਡੇਸ਼ਨ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਅੰਗਰੇਜ਼ਾਂ ਖ਼ਿਲਾਫ਼ ਮਜਲਿਸ ਅਹਿਰਾਰ ਇਸਲਾਮ ਹਿੰਦ ਦੀ ਸਮਾਜ ਸੇਵੀ ਸੰਸਥਾ ਹੈ ਜਿਸ ਦਾ ਸੰਚਾਲਨ ਲੁਧਿਆਣਾ ਜਾਮਾ ਮਸਜਿਦ ਤੋਂ ਹੁੰਦਾ ਹੈ ਅਤੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਇਸ ਦੇ ਡਾਇਰੈਕਟਰ ਹਨ।