ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ

‘ਆਪ’ ਉਮੀਦਵਾਰ ਵੱਲੋਂ ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ, ਰਾਸ਼ਨ, ਕੱਪੜੇ ਅਤੇ ਚਿੱਟਾ ਵੰਡਣ ਦਾ ਦੋਸ਼
Advertisement

 ਗੁਰਿੰਦਰ ਸਿੰਘ

ਲੁਧਿਆਣਾ, 18 ਜੂਨ

Advertisement

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਵੱਖ-ਵੱਖ ਸ਼ਿਕਾਇਤਾਂ ਭੇਜ ਕੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ ਜਿਸ ਵੱਲੋਂ ਪੁਲੀਸ ਅਤੇ ਪ੍ਰਸ਼ਾਸਨ ਦੀ ਮਦਦ ਨਾਲ ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ, ਰਾਸ਼ਨ, ਕੱਪੜੇ ਅਤੇ ਚਿੱਟਾ ਵੰਡਿਆ ਜਾ ਰਿਹਾ ਹੈ।

ਅੱਜ ਇੱਥੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਆਪਣੀ ਹਾਰ ਨੂੰ ਵੇਖ ਕੇ ਬਖਲਾ ਗਈ ਹੈ ਅਤੇ ਪੁਲੀਸ ਦੀ ਮਦਦ ਨਾਲ ਲੋਕਤੰਤਰ ਦਾ ਜਨਾਜ਼ਾ ਕੱਢ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਵੋਟਰਾਂ ਨੂੰ ਡਰਾਇਆ ਅਤੇ ਧਮਕਾਇਆ ਵੀ ਜਾ ਰਿਹਾ ਹੈ।

ਐਡਵੋਕੇਟ ਘੁੰਮਣ ਨੇ ਹਲਕਾ ਪੱਛਮੀ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਡਰਣ ਦੀ ਬਜਾਏ ਹੌਸਲੇ ਨਾਲ ਆਪਣਾ ਮਤਦਾਨ ਕਰਕੇ ਲੋਕਤੰਤਰ ਨੂੰ ਮਜ਼ਬੂਤ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਸੋਸ਼ਲ ਮੀਡੀਆ ’ਤੇ ਚੱਲ ਰਹੇ ਝੂਠੇ ਅਤੇ ਮਨਮਰਜ਼ੀ ਵਾਲੇ ਚੋਣ ਸਰਵੇਖਣ ਤੋਂ ਸੁਚੇਤ ਰਹਿਣ ਅਤੇ ਆਪਣੇ ਦ੍ਰਿੜ ਇਰਾਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ਦਾ ਬਟਨ ਦੱਬਣ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਚੋਣ ਕਮਿਸ਼ਨ ਨੂੰ ਆਪ ਉਮੀਦਵਾਰ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਛੇ ਮਾਮਲਿਆਂ ਦੀ ਸ਼ਿਕਾਇਤ ਕੀਤੀ ਗਈ ਹੈ ਪਰ ਅੱਜ ਸ਼ਾਮ ਤੱਕ ਉਨ੍ਹਾਂ ਸ਼ਿਕਾਇਤਾਂ ਬਾਰੇ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨਾਲ ਵੀ ਗੱਲਬਾਤ ਕਰਕੇ ਸਾਰੇ ਮਾਮਲੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੇ ਹਨ ਪਰ ਉਨ੍ਹਾਂ ਨੇ ਵੀ ਕੋਈ ਸਪਸ਼ਟ ਕਾਰਵਾਈ ਨਹੀਂ ਕੀਤੀ। ਐਡਵੋਕੇਟ ਘੁੰਮਣ ਨੇ ਭਰੋਸਾ ਦਿਵਾਇਆ ਕਿ ਹਲਕਾ ਪੱਛਮੀ ਦੇ ਵੋਟਰ ਸੱਚਾਈ ਅਤੇ ਨਿਆਂ ਦੇ ਹੱਕ ’ਚ ਫ਼ੈਸਲਾ ਕਰਨਗੇ।

ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਅਤੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਆਪਣੀ ਹਾਰ ਵੇਖਕੇ ਬੁਖਲਾਹਟ ਵਿੱਚ ਆ ਗਈ ਹੈ ਅਤੇ ਗੈਰ ਸੰਵਿਧਾਨਕ ਅਤੇ ਗੈਰ ਕਾਨੂੰਨੀ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਭਰਮਾਉਣ ਲਈ ਲੇਡੀਜ ਸੂਟ, ਰਾਸ਼ਨ ਕਿੱਟਾਂ, ਸ਼ਰਾਬ ਅਤੇ ਪੈਸੇ ਵੰਡੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਜਪਾ ਵੱਲੋਂ ਇਸ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ ਜਿਸ ਵਿੱਚ ‘ਆਪ’ ਦੇ ਏਜੰਟ ਬਣ ਕੇ ਕੰਮ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਦਾ ਸਪਸ਼ਟ ਫ਼ਤਵਾ ਹੈ ਕਿ ਉਹ ਦਿੱਲੀ ਦੇ ਭਗੌੜਿਆਂ ਨੂੰ ਰੱਦ ਕਰਨ ਲਈ ਤਿਆਰ ਬੈਠੇ ਹਨ ਪਰ ਆਪ ਉਮੀਦਵਾਰ ਉਨ੍ਹਾਂ ਨੂੰ ਲਾਲਚ ਦੇਕੇ ਇਹ ਸੀਟ ਜਿੱਤਣਾ ਚਾਹੁੰਦੇ ਹਨ। ਉਨ੍ਹਾਂ ਵੋਟਰਾਂ ਨੂੰ ਸੁਚੇਤ ਰਹਿ ਕੇ ਬਿਨਾਂ ਕਿਸੇ ਦਬਾਅ ਤੋਂ ਆਪਣੇ ਵੋਟ ਦਾ ਦਲੇਰੀ ਨਾਲ ਇਸਤੇਮਾਲ ਕਰਨ ਦੀ ਅਪੀਲ ਵੀ ਕੀਤੀ ਹੈ।

Advertisement