ਪੱਤਰ ਪ੍ਰੇਰਕ
ਮਾਛੀਵਾੜਾ, 6 ਸਤੰਬਰ
ਵਿਧਾਨ ਸਭਾ ’ਚ ਅਕਾਲੀ ਵਿਧਾਇਕਾਂ ਦੇ ਆਗੂ ਅਤੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਾਵਨ ਸਰੂਪਾਂ ਦੇ ਮਾਮਲੇ ’ਚ ਕੁਝ ਲੋਕ ਕੋਝੀ ਸਿਆਸਤ ਕਰਕੇ ਅਕਾਲ ਤਖਤ ਸਾਹਿਬ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜਿਨ੍ਹਾਂ ’ਚ ਉਹ ਕਦੇ ਸਫ਼ਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਕੁਝ ਪੰਥ ਦੋਖੀ ਤਾਕਤਾਂ ਜਿਨ੍ਹਾਂ ਨੂੰ ਨਾ ਤਾਂ ਸ੍ਰੀ ਅਕਾਲ ਤਖਤ ਨਾਲ ਪਿਆਰ ਹੈ ਅਤੇ ਨਾ ਹੀ ਦਰਬਾਰ ਸਾਹਿਬ ਨਾਲ, ਉਹ ਕੇਵਲ ਸਿਆਸਤ ਕਰਕੇ ਪਾਵਨ ਸਰੂਪਾਂ ਦੇ ਮਾਮਲੇ ’ਚ ਪੁਲੀਸ ਤੋਂ ਪਰਚੇ ਦਰਜ ਕਰਵਾਉਣਾ ਚਾਹੁੰਦੇ ਹਨ ਅਤੇ ਮੁੜ ਸਿੱਖੀ ਮਰਿਆਦਾ ਨੂੰ ਢਾਹ ਲਗਾਉਣਾ ਚਾਹੁੰਦੇ ਹਨ। ਵਿਧਾਇਕ ਢਿੱਲੋਂ ਨੇ ਕਿਹਾ ਕਿ ਜਿਸ ਤਰ੍ਹਾਂ ਪਹਿਲਾਂ ਇੰਦਰਾ ਗਾਂਧੀ ਨੇ ਸ੍ਰੀ ਅਕਾਲ ਤਖਤ ਸਾਹਿਬ ਅੰਦਰ ਫੌਜ ਤੇ ਪੁਲੀਸ ਵਾੜ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੁਣ ਵੀ ਪਾਵਨ ਸਰੂਪਾਂ ਦੇ ਮਾਮਲੇ ’ਚ ਪਰਚੇ ਦਰਜ ਕਰਵਾ ਪੁਲਸ ਨੂੰ ਦਰਬਾਰ ਸਾਹਿਬ ਅੰਦਰ ਦਾਖਲ ਕਰਵਾਉਣਾ ਚਾਹੁੰਦੀ ਹੈ। ਵਿਧਾਇਕ ਢਿੱਲੋਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਵਨ ਸਰੂਪਾਂ ਦੇ ਮਾਮਲੇ ’ਚ ਪਰਚੇ ਦਰਜ ਨਾ ਕਰਵਾਉਣ ਦਾ ਬਹੁਤ ਹੀ ਸ਼ਲਾਘਾਯੋਗ ਫੈਸਲਾ ਲਿਆ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਨੇ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਦੇ ਰਵਾਇਤਾਂ ਨੂੰ ਬਰਕਰਾਰ ਰੱਖਿਆ ਅਤੇ ਪੰਥ ਦੇ ਹਮਦਰਦੀ ਬਣ ਦਰਬਾਰ ਸਾਹਿਬ ਦੀ ਮਰਿਆਦਾ ਨੂੰ ਵੀ ਢਾਹ ਨਹੀਂ ਲੱਗਣ ਦਿੱਤੀ।