ਸੰਤੋਖ ਗਿੱਲ
ਗੁਰੂਸਰ ਸੁਧਾਰ, 12 ਮਾਰਚ
ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਸੰਯੁਕਤ ਕਿਸਾਨ ਮੋਰਚਾ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਚੱਲ ਰਹੇ ਲੜੀਵਾਰ ਧਰਨੇ ਦੀ ਅਗਵਾਈ ਅੱਜ ਅਮਨਦੀਪ ਕੌਰ, ਡਾਕਟਰ ਕਮਲ ਰਤਨ ਅਤੇ ਪਰਮਜੀਤ ਕੌਰ ਜੜਤੌਲੀ ਕਿਸਾਨ ਭੈਣਾਂ ਨੇ ਕੀਤੀ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਨਵਾਦੀ ਇਸਤਰੀ ਸਭਾ ਦੀ ਸੂਬਾ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਵੇਂ ਆਪਣੀ ਪਤਨੀ ਯਸ਼ੋਦਾ ਬੇਨ ਦਾ ਤਿਆਗ ਕਰ ਕੇ ਔਰਤਾਂ ਦਾ ਨਿਰਾਦਰ ਹੀ ਕੀਤਾ ਹੈ ਅਤੇ ਉਸ ਨੂੰ ਔਰਤਾਂ ਦੀ ਸ਼ਕਤੀ ਦਾ ਅਹਿਸਾਸ ਹੀ ਨਹੀਂ ਸੀ, ਪਰ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੀ ਧਰਤੀ ਤੋਂ ਉੱਠੇ ਕਿਸਾਨੀ ਘੋਲ ਵਿਚ ਔਰਤਾਂ ਦੀ ਸ਼ਮੂਲੀਅਤ ਨੇ ਮੋਦੀ ਹਕੂਮਤ ਨੂੰ ਔਰਤਾਂ ਦੀ ਸ਼ਕਤੀ ਦਾ ਅਹਿਸਾਸ ਵੀ ਕਰਵਾਇਆ ਹੈ ਅਤੇ ਕੰਬਣੀ ਵੀ ਛੇੜ ਦਿੱਤੀ ਹੈ। ਇਸ ਮੌਕੇ ਜਨਵਾਦੀ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਕਿਲ੍ਹਾ ਰਾਏਪੁਰ, ਸਕੱਤਰ ਪ੍ਰੋਫੈਸਰ ਪਰਮਜੀਤ ਕੌਰ ਲੁਧਿਆਣਾ, ਸੁਖਵਿੰਦਰ ਕੌਰ, ਮਹਿੰਦਰ ਕੌਰ, ਕਿਸਾਨ ਆਗੂ ਜਗਤਾਰ ਸਿੰਘ ਚਕੋਹੀ, ਨੌਜਵਾਨ ਆਗੂ ਹਰਨੇਕ ਸਿੰਘ ਗੁੱਜਰਵਾਲ, ਕਲੈਕਟਰ ਸਿੰਘ ਨਾਰੰਗਵਾਲ ਨੇ ਸੰਬੋਧਨ ਕੀਤਾ। ਉੱਧਰ ਲੁਧਿਆਣਾ ਬਠਿੰਡਾ ਰਾਜ ਮਾਰਗ ਉੱਪਰ ਹਿੱਸੋਵਾਲ ਟੌਲ ਪਲਾਜ਼ਾ ਉੱਪਰ ਕਿਸਾਨਾਂ ਦਾ ਲੜੀਵਾਰ ਧਰਨਾ ਜਾਰੀ ਰਿਹਾ। ਕਿਸਾਨ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅਗਲੇ ਪੜਾਅ ਦੇ ਸੰਘਰਸ਼ ਦੌਰਾਨ ਐਲਾਨੇ ਸਾਰੇ ਪ੍ਰੋਗਰਾਮਾਂ ਵਿਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਐਲਾਨ ਕੀਤਾ।
ਖੰਨਾ (ਜੋਗਿੰਦਰ ਸਿੰਘ ਓਬਰਾਏ): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਆਰੰਭਿਆ ਸੰਘਰਸ਼ 163ਵੇਂ ਦਿਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ ਅਤੇ ਭੁੱਖ ਹੜਤਾਲ ਦੇ 114ਵੇਂ ਦਿਨ ਗੁਲਜ਼ਾਰ ਸਿੰਘ ਅਤੇ ਬੂਟਾ ਸਿੰਘ ਬੈਠੇ। ਇਸ ਮੌਕੇ ਹਰਮਿੰਦਰ ਸਿੰਘ ਤੇ ਕਸ਼ਮੀਰਾ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਕੁਝ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਕਿਸਾਨਾਂ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਖੋਹ ਕੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨਾਲ ਛੋਟੇ ਕਿਸਾਨ ਬਿਲਕੁਲ ਤਬਾਹ ਹੋ ਜਾਣਗੇ। ਸ੍ਰੀ ਬੈਨੀਪਾਲ ਨੇ ਕਿਹਾ ਕਿ ਕਿਸਾਨ ਸੰਘਰਸ਼ ਵਿਚ ਜਾਨਾਂ ਗਵਾਉਣ ਵਾਲੇ ਸਾਥੀਆਂ ਦੀ ਸ਼ਹਾਦਤ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ।
ਜਗਰਾਉਂ (ਜਸਬੀਰ ਸ਼ੇਤਰਾ):ਐਫਸੀਆਈ ਵਲੋਂ ਹਾੜ੍ਹੀ ਦੀ ਖਰੀਦ ਲਈ ਕਿਸਾਨਾਂ ਤੋਂ ਜਮਾਂਬੰਦੀਆਂ ਮੰਗਣ ਦੇ ਫ਼ੈਸਲੇ ਨੂੰ ਕਾਲੇ ਖੇਤੀ ਕਾਨੂੰਨ ਲਾਗੂ ਕਰਨ ਦਾ ਅਸਿੱਧਾ ਰਾਹ ਕਰਾਰ ਦਿਦਿਆਂ ਕਿਸਾਨ ਆਗੂਆਂ ਨੇ ਇਸ ਨੂੰ ਫੌਰੀ ਵਾਪਸ ਲੈਣ ਦੀ ਮੰਗ ਕੀਤੀ ਹੈ। ਕਿਸਾਨ ਮੋਰਚੇ ’ਚ 23 ਮਾਰਚ ਨੂੰ ਨੌਜਵਾਨਾਂ ਵੱਲੋਂ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਇਸ ਤੋਂ ਬਾਅਦ 26 ਮਾਰਚ ਨੂੰ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਬਣਾਉਣ ਉਪਰੰਤ 28 ਮਾਰਚ ਨੂੰ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਪਹਿਲਾਂ 19 ਮਾਰਚ ਨੂੰ ਅਨਾਜ ਮੰਡੀਆਂ ਅਤੇ ਐਫਸੀਆਈ ਦਫ਼ਤਰਾਂ ਮੂਹਰੇ ਵਿਸ਼ਾਲ ਪ੍ਰਦਰਸ਼ਨ ਕੀਤੇ ਜਾਣਗੇ। ਇਥੇ ਕਿਸਾਨ ਮੋਰਚੇ ਦੇ 163ਵੇਂ ਦਿਨ ਬੁਲਾਰਿਆਂ ਨੇ ਸਮੂਹ ਇਲਾਕਾ ਵਾਸੀਆਂ ਨੂੰ ਸੱਦਾ ਦਿੱਤਾ ਕਿ 15 ਮਾਰਚ ਨੂੰ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਰੋਹ ਭਰਪੂਰ ਮਾਰਚ ’ਚ ਵੱਧ ਚੜ੍ਹ ਕੋ ਸ਼ਮੂਲੀਅਤ ਕਰਨ। ਸਥਾਨਕ ਰੇਲਵੇ ਪਾਰਕ ’ਚ ਚੱਲ ਰਹੇ ਸੰਘਰਸ਼ ਮੋਰਚੇ ’ਚ ਇਕੱਤਰ ਕਿਸਾਨਾਂ ਮਜ਼ਦੂਰਾਂ ਨੇ ਐਫਸੀਆਈ ਵਲੋਂ ਹਾੜ੍ਹੀ ਦੀ ਖਰੀਦ ਲਈ ਕਿਸਾਨਾਂ ਤੋਂ ਜਮਾਂਬੰਦੀਆਂ ਮੰਗਣ ਦੇ ਫ਼ੈਸਲੇ ਦੀ ਨਿਖੇਧੀ ਕੀਤੀ। ਬੁਲਾਰਿਆਂ ਨੇ ਇਲਾਕਾ ਵਾਸੀਆਂ ਨੂੰ 15 ਮਾਰਚ ਨੂੰ ਸਵੇਰੇ ਰੇਲਵੇ ਪਾਰਕ ਜਗਰਾਉਂ ਵਿੱਚ ਪੁੱਜਣ ਦੀ ਅਪੀਲ ਕੀਤੀ। ਧਰਨਾਕਾਰੀਆਂ ਨੇ ਬੀਤੇ ਦਿਨੀਂ ਸਿੰਘੂ ਬਾਰਡਰ ’ਤੇ ਬਾਲਣ ਲੈ ਕੇ ਜਾ ਰਹੇ ਪਿੰਡ ਲੋਧੀਆਲਾ ਦੇ ਨੌਜਵਾਨ ਬਲਕਰਨ ਸਿੰਘ ਦੇ ਸੜਕ ਹਾਦਸੇ ’ਚ ਗੰਭੀਰ ਜ਼ਖਮੀ ਹੋਣ ’ਤੇ ਸਿਹਤਯਾਬੀ ਲਈ ਅਰਦਾਸ ਕੀਤੀ। ਇਸ ਮੌਕੇ ਇੰਦਰਜੀਤ ਸਿੰਘ ਧਾਲੀਵਾਲ, ਕੰਵਲਜੀਤ ਖੰਨਾ, ਧਰਮ ਸਿੰਘ ਸੂਜਾਪੁਰ, ਅਵਤਾਰ ਸਿੰਘ ਗਿੱਲ, ਹਰਭਜਨ ਸਿੰਘ ਦੌਧਰ, ਕਰਮਜੀਤ ਕੈਂਥ ਸ਼ਾਮਲ ਸਨ।
ਐੱਮਸੀਪੀਆਈ (ਯੂ) ਵੱਲੋਂ ਭਾਰਤ ਬੰਦ ਸੱਦੇ ਦਾ ਸਮਰਥਨ
ਦੋਰਾਹਾ (ਪੱਤਰ ਪ੍ਰੇਰਕ): ਇੱਥੇ ਅੱਜ ਮਾਰਕਸਵਾਦੀ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਯੂਨਾਈਟਿਡ) ਦੇ ਮੈਬਰਾਂ ਦੀ ਇਕੱਤਰਤਾ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ 26 ਮਾਰਚ ਦੇ ਭਾਰਤ ਬੰਦ ਸੱਦੇ ਦਾ ਸਮਰਥਨ ਕੀਤਾ ਗਿਆ। ਇਸ ਮੌਕੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵਿੱਢੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਕੁਲਦੀਪ ਸਿੰਘ ਤੇ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੀ ਵਿਸ਼ਵ ਵਿਆਪੀ ਅਹਿਮੀਅਤ ਬਣ ਚੁੱਕੀ ਹੈ। ਪਵਨ ਕੁਮਾਰ ਕੌਸ਼ਲ ਨੇ ਪੰਜਾਬ ਸਰਕਾਰ ਦੀ ਚਾਰ ਸਾਲਾਂ ਦੀ ਮਾੜੀ ਕਾਰਗੁਜ਼ਾਰੀ ਤੇ ਚਰਚਾ ਕਰਦਿਆਂ ਕਿਹਾ ਕਿ ਇਹ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਹੈ। ਮੀਟਿੰਗ ਵਿਚ ਇਕ ਮਤੇ ਰਾਹੀਂ ਬੰਗਾਲ ਤੇ ਚਾਰ ਹੋਰ ਸੂਬਿਆਂ ਵਿਚ ਹੋਣ ਵਾਲੀਆਂ ਚੋਣਾਂ ਵਿਚ ਸਮੂਹ ਵੋਟਰਾਂ ਨੂੰ ਭਾਜਪਾ ਖਿਲਾਫ਼ ਭੁਗਤਣ ਦੀ ਅਪੀਲ ਕੀਤੀ ਗਈ।
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 15 ਨੂੰ ਦਿੱਤੇ ਜਾਣਗੇ ਮੰਗ ਪੱਤਰ
ਲੁਧਿਆਣਾ (ਸਤਵਿੰਦਰ ਬਸਰਾ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰਦੇ ਕਿਸਾਨਾਂ ਦੇ ਸਮਰਥਨ ਵਿੱਚ ਲੁਧਿਆਣਾ-ਫਿਰੋਜਪੁਰ ਰੋਡ ’ਤੇ ਲੱਗਿਆ ਰੋਸ ਧਰਨਾ 124ਵੇਂ ਦਿਨ ਵੀ ਜਾਰੀ ਰਿਹਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਾਏ ਇਸ ਧਰਨੇ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਧਰਨਾ ਜਾਰੀ ਰੱਖਿਆ ਜਾਵੇਗਾ। ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਪੰਜੇਟਾ, ਕੁਲਦੀਪ ਸਿੰਘ, ਚਰਨ ਸਿੰਘ ਅਤੇ ਭਰਪੂਰ ਸਿੰਘ ਥਰੀਕੇ ਨੇ ਦੱਸਿਆ ਕਿ 15 ਮਾਰਚ ਨੂੰ ਡੀਸੀ ਨੂੰ ਖੇਤੀ ਕਾਨੂੰਨ ਰੱਦ ਕਰਨ ਸਬੰਧੀ ਮੰਗ ਪੱਤਰ ਦਿੱਤੇ ਜਾਣਗੇ। ਇਸੇ ਤਰ੍ਹਾਂ 21 ਮਾਰਚ ਨੂੰ ਸੁਨਾਮ ਵਿੱਚ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਇਹ ਦਿਹਾੜਾ 23 ਮਾਰਚ ਨੂੰ ਦਿੱਲੀ ਵਿਚ ਹੋ ਰਹੇ ਸ਼ਰਧਾਂਜਲੀ ਸਮਾਗਮ ਵਿੱਚ ਵੱਡੇ ਇਕੱਠ ਦੀ ਤਿਆਰੀ ਵਜੋਂ ਕੀਤਾ ਜਾਵੇਗਾ। ਮਗਰੋਂ 26 ਮਾਰਚ ਨੂੰ ਭਾਰਤ ਮੁਕੰਮਲ ਬੰਦ ਕੀਤਾ ਜਾਵੇਗਾ। ਇਸ ਮੌਕੇ ਬਿਕਰਮਜੀਤ ਸਿੰਘ ਥਰੀਕੇ, ਕਰਮਜੀਤ ਸਿੰਘ, ਜਸਵਿੰਦਰ ਸਿੰਘ, ਜਗਦੀਸ਼ ਸਿੰਘ ਜੱਗਾ, ਰਣਜੀਤ ਸਿੰਘ, ਪ੍ਰੀਤਮ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ, ਖੁਸ਼ਿਵੰਦਰ ਸਿੰਘ, ਪਲਵਿੰਦਰ ਸਿੰਘ ਅਤੇ ਜਰਨੈਲ ਸਿੰਘ ਹਾਜ਼ਰ ਸਨ।