ਪੱਤਰ ਪ੍ਰੇਰਕ
ਮਾਛੀਵਾੜਾ, 20 ਜੁਲਾਈ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਵਿਚ ਇਹ ਮਾਣਮੱਤਾ ਅਹੁਦਾ ਮਿਲਣ ’ਤੇ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਵਿਧਾਇਕ ਦੇ ਪੋਤਰੇ ਨਗਰ ਕੌਂਸਲ ਸਮਰਾਲਾ ਦੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਵੀ ਮੌਜੂਦ ਸਨ। ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਮੁੜ ਸੱਤਾ ਸੰਭਾਲੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਪਾਰਟੀ ਦੇ ਹਿੱਤਾਂ ਲਈ ਜੋ ਫੈ਼ਸਲੇ ਲਏ ਹਨ, ਉਹ ਉਨ੍ਹਾਂ ਦਾ ਸਵਾਗਤ ਕਰਦੇ ਹਨ। ਇਸ ਮੌਕੇ ਕਰਨਵੀਰ ਸਿੰਘ ਢਿੱਲੋਂ ਨੇ ਨਵ-ਨਿਯੁਕਤ ਨੂੰ ਵਿਸਵਾਸ਼ ਦਿਵਾਇਆ ਕਿ ਉਹ ਪਾਰਟੀ ਪ੍ਰਧਾਨ ਦੇ ਨਿਰਦੇਸ਼ਾਂ ਤਹਿਤ ਕੰਮ ਕਰਨਗੇ।