ਨਿੱਜੀ ਪੱਤਰ ਪ੍ਰੇਰਕ
ਖੰਨਾ, 7 ਮਈ
ਇੱਕ ਪਾਸੇ ਜਿੱਥੇ ਗੜ੍ਹੇਮਾਰੀ ਨਾਲ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉੱਥੇ ਹੀ ਕਿਸਾਨਾਂ ਦੀ ਨਿਰਾਸ਼ਾ ਉਸ ਸਮੇਂ ਹੋਰ ਵਧ ਗਈ ਜਦੋਂ ਕੋਈ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੀ ਸਾਰ ਤੱਕ ਲੈਣ ਨਹੀਂ ਆਇਆ ਜਿਸ ਦੇ ਰੋਸ ਵਜੋਂ ਕਿਸਾਨਾਂ ਨੇ ਐੱਸਡੀਐੱਮ ਦਫ਼ਤਰ ਦਾ ਘਿਰਾਓ ਕੀਤਾ ਅਤੇ ਮੁਆਵਜ਼ਾ ਨਾ ਮਿਲਣ ’ਤੇ ਸੜਕਾਂ ਜਾਮ ਕਰਨ ਦੀ ਚਿਤਾਵਨੀ ਦਿੱਤੀ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂ ਅਵਤਾਰ ਸਿੰਘ ਮੇਹਲੋਂ ਅਤੇ ਅੰਮ੍ਰਿਤਪਾਲ ਸਿੰਘ ਬੈਨੀਪਾਲ ਨੇ ਕਿਹਾ ਕਿ ਕਿਸਾਨਾਂ ਦਾ ਭਾਰੀ ਨੁਕਸਾਨ ਹੋਣ ਦੇ ਬਾਵਜੂਦ ਅਫ਼ਸਰ ਦਫ਼ਤਰਾਂ ਤੋਂ ਬਾਹਰ ਨਹੀਂ ਨਿਕਲੇ। ਉਨ੍ਹਾਂ ਐੱਸਡੀਐੱਮ ਮਨਜੀਤ ਕੌਰ ਨੂੰ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਗਿਰਦਾਵਰੀ ਕਰਵਾ ਕੇ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
ਇਸ ਮੌਕੇ ਕਿਸਾਨ ਸਤਨਾਮ ਸਿੰਘ ਸੋਨੀ ਨੇ ਕਿਹਾ ਕਿ ਅਫ਼ਸਰਾਂ ਨੂੰ ਦਫ਼ਤਰਾਂ ’ਚੋਂ ਬਾਹਰ ਨਿਕਲ ਕੇ ਨੁਕਸਾਨੀ ਫ਼ਸਲ ਦਾ ਜਾਇਜ਼ਾ ਲੈਣਾ ਚਾਹੀਦਾ ਸੀ ਪਰ ਸੂਬਾ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ ਜੋ ਕਿ ਨਿੰਦਣਯੋਗ ਹੈ। ਦੂਜੇ ਪਾਸੇ ਐੱਸਡੀਐੱਮ ਮਨਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਫ਼ਸਲਾਂ ਦੇ ਨੁਕਸਾਨ ਸਬੰਧੀ ਜਾਣਕਾਰੀ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਡਿਪਟੀ ਕਮਿਸ਼ਨਰ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਕਿਸਾਨਾਂ ਵੱਲੋਂ ਦਿੱਤਾ ਗਿਆ ਮੰਗ ਪੱਤਰ ਜਲਦੀ ਹੀ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ।