ਖੇਤਰੀ ਪ੍ਰਤੀਨਿਧ
ਲੁਧਿਆਣਾ, 3 ਅਗਸਤ
ਮੁਲਾਜ਼ਮਾਂ ਅਤੇ ਅਧਿਆਪਕਾਂ ਵੱਲੋਂ 1 ਜਨਵਰੀ, 2004 ਮਗਰੋਂ ਨਿਯੁਕਤ ਮੁਲਾਜ਼ਮਾਂ ’ਤੇ ਲਾਗੂ ਕੀਤੀ ਗਈ ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਰੱਦ ਕਰਵਾਉਣ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸ਼ੁਰੂ ਕੀਤੀ ਗਈ ਦਸਤਖਤ ਮੁਹਿੰਮ ਪੂਰੇ ਜ਼ੋਰਾਂ ’ਤੇ ਹੈ। ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ, ਕੋ-ਕਨਵੀਨਰ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਫਤਹਿਗੜ੍ਹ ਸਾਹਿਬ, ਕੰਵਲਜੀਤ ਸਿੰਘ ਰੋਪੜ ਅਤੇ ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਅੱਜ ਇੱਥੇ ਮੀਟਿੰਗ ਕੀਤੀ। ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਪਰ ਸੱਤਾ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵਿਸਾਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦੀ ਸੂਬਾਈ ਰੈਲੀ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਅਤੇ ਸਿਵਲ ਪ੍ਰਸ਼ਾਸਨ ਮੁਹਾਲੀ ਨੇ ਆਗੂਆਂ ਦੀ ਸਰਕਾਰ ਨਾਲ ਮੀਟਿੰਗ ਕਰਵਾਉਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮੂਹ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਆਪਣੇ ਦਸਤਖ਼ਤ ਕਰਕੇ ਪੰਜਾਬ ਸਰਕਾਰ ਨੂੰ ਭੇਜਣਗੇ।
ਇਸ ਤੋਂ ਇਲਾਵਾ 13 ਅਗਸਤ ਨੂੰ ਸੰਗਰੂਰ ਵਿੱਚ ਵਿੱਤ ਮੰਤਰੀ ਪੰਜਾਬ ਦੇ ਘਰ ਵੱਲ ਕਾਲੇ ਚੋਲੇ ਪਾ ਕੇ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਪ੍ਰਵੀਨ ਕੁਮਾਰ, ਭਜਨ ਸਿੰਘ, ਬਲਬੀਰ ਸਿੰਘ ਲਿੱਤਰ, ਜ਼ੋਰਾ ਸਿੰਘ ਬੱਸੀਆਂ, ਮੁਨੀਸ਼ ਸ਼ਰਮਾ, ਸੰਜੀਵ ਯਾਦਵ, ਗਿਆਨ ਸਿੰਘ ਦੋਰਾਹਾ ਅਤੇ ਬਲਵਿੰਦਰ ਸਿੰਘ ਹਾਜ਼ਰ ਸਨ।