ਸਤਵਿੰਦਰ ਬਸਰਾ
ਲੁਧਿਆਣਾ, 31 ਅਗਸਤ
ਸੂਬੇ ’ਚ ਵੱਖ ਵੱਖ ਵਿਭਾਗਾਂ ਵਿੱਚ 1 ਜਨਵਰੀ 2004 ਤੋਂ ਬਾਅਦ ਨਿਯੁਕਤ ਕੀਤੇ ਮੁਲਾਜ਼ਮਾਂ ਉਪਰ ਲਾਗੂ ਕੀਤੀ ਗਈ ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਰੱਦ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਸਮੂਹ ਮੁਲਾਜ਼ਮਾਂ ਤੇ ਅਧਿਆਪਕਾਂ ਵੱਲੋਂ ਤਸਤਖਤ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ, ਕੋ-ਕਨਵੀਨਰ ਟਹਿਲ ਸਿੰਘ ਸਰਾਭਾ, ਗੁਰਇਕਬਾਲ ਸਿੰਘ ਪੀਏਯੂ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਦਰਸ਼ੀ ਕਾਂਤ ਰਾਜਪੁਰਾ, ਜਸਵਿੰਦਰ ਸਿੰਘ ਨਿੜਹਾਲਾ ਸਿੰਘ ਵਾਲਾ, ਕੰਵਲਜੀਤ ਸਿੰਘ ਰੋਪੜ, ਜਸਵੀਰ ਕੌਰ ਮਾਹੀ ਆਦਿ ਨੇ ਦੱਸਿਆ ਕਿ ਜਨਵਰੀ 2004 ਤੋਂ ਬਾਅਦ ਨਿਯੁਕਤ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬੰਦ ਕਰ ਦਿੱਤੀ ਹੈ। ਸੇਵਾ ਮੁਕਤੀ ’ਤੇ ਇਨਾਂ ਮੁਲਾਜ਼ਮਾਂ ਨੂੰ 2500 ਤੋਂ ਲੈ ਕੇ 3000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਸਕੀਮ ਮਿਲਦੀ ਹੈ, ਜਿਸ ਨਾਲ ਮੁਲਾਜ਼ਮ ਦਾ ਬੁਢਾਪੇ ਵਿੱਚ ਗੁਜਾਰਾ ਕਰਨਾ ਅਸੰਭਵ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀ ਆਪ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਜਾਵੇਗੀ ਪਰ ਅਜੇ ਤੱਕ ਇਸ ਪਾਸੇ ਕੋਈ ਗੰਭੀਰਤਾ ਨਹੀਂ ਦਿਖਾਈ ਗਈ। ਇਹੋ ਵਜ੍ਹਾ ਹੈ ਕਿ ਸੂਬੇ ਦੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਥੇਬੰਦੀ ਨੇ ਫੈਸਲਾ ਕੀਤਾ ਕਿ ਪੰਜਾਬ ਦੇ ਸਮੂਹ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਦਸਤਖਤ ਕਰਕੇ ਪੰਜਾਬ ਸਰਕਾਰ ਨੂੰ ਭੇਜਣਗੇ ਅਤੇ ਜ਼ਿਲ੍ਹਿਆਂ, ਤਹਿਸੀਲਾਂ ਵਿੱਚ ਅਗਲੇ ਐਕਸ਼ਨ ਕਰਦੇ ਰਹਿਣਗੇ।