ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਨਵੰਬਰ
ਗੁਰੂ ਨਾਨਕ ਦੇਵ ਜੀ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਵਾਲੇ ਅਨਿਲ ਅਰੋੜਾ ਅਤੇ ਸਾਥੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ 7 ਨਵੰਬਰ ਨੂੰ ਦੁਪਹਿਰ 12 ਵਜੇ ਭਾਰਤ ਨਗਰ ਚੌਕ ਵਿੱਚ ਧਰਨਾ ਲੱਗਾ ਕੇ ਚੱਕਾ ਜਾਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਫ਼ਿਰੋਜ਼ਪੁਰ ਰੋਡ ਸਥਿਤ ਗੁਲਮੋਹਰ ਹੋਟਲ ਦੇ ਸਾਹਮਣੇ ਚੱਲ ਰਹੇ ਕਿਸਾਨ ਸੰਘਰਸ਼ ਮੋਰਚੇ ’ਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਅਨਿਲ ਅਰੋੜਾ ਦੀ ਗ੍ਰਿਫ਼ਤਾਰੀ ਦੇ ਮਾਮਲੇ ਵਿੱਚ ਕੀਤੀ ਜਾ ਰਹੀ ਢਿੱਲਮੱਠ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਹੈ।
ਇਸ ਮੌਕੇ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ, ਕਥਾਵਾਚਕ ਭਾਈ ਹਰਪ੍ਰੀਤ ਸਿੰਘ ਮੱਖੂ, ਸਿੱਖ ਯੂਥ ਪਾਵਰ ਆਫ ਪੰਜਾਬ ਦੇ ਮੁੱਖ ਸੇਵਾਦਾਰ ਨਿਹੰਗ ਪ੍ਰਦੀਪ ਸਿੰਘ ਇਆਲੀ, ਬੰਦੀ ਸਿੰਘ ਰਿਹਾਈ ਮੋਰਚਾ ਦੇ ਬਾਬਾ ਜੰਗ ਸਿੰਘ, ਭਵਨਦੀਪ ਸਿੰਘ ਸਿੱਧੂ, ਜਰਨੈਲ ਸਿੰਘ ਬੈਂਸ, ਗੁਰਪ੍ਰੀਤ ਸਿੰਘ ਜਮਾਲਪੁਰ, ਹਰਪ੍ਰੀਤ ਸਿੰਘ ਪਟਨਾ ਨੇ ਮੀਟਿੰਗ ਉਪਰੰਤ ਕਿਹਾ ਕਿ ਉੱਚ ਪੁਲੀਸ ਅਧਿਕਾਰੀਆਂ ਵੱਲੋਂ ਕੀਤੇ ਗਏ ਵਾਅਦੇ ਅਨੁਸਾਰ ਗੁਰੂ ਨਾਨਕ ਦੇਵ ਖ਼ਿਲਾਫ਼ ਅਪਮਾਨਜਨਕ ਤੇ ਗ਼ੈਰ ਇਖ਼ਲਾਕੀ ਅਪਸ਼ਬਦ ਬੋਲਣ ਵਾਲੇ ਅਨਿਲ ਅਰੋੜਾ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਇਸ ਕਾਰਨ ਸੰਗਤ ਦੇ ਮਨ ਵਿੱਚ ਰੋਸ ਹੈ।
ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਤੇ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਸਿੱਖ ਜਥੇਬੰਦੀਆਂ ਨਾਲ ਗੱਲਬਾਤ ਕਰ ਕੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸਿੱਖ ਸੰਗਤ ਨੂੰ ਕਿਹਾ ਕਿ ਉਹ ਰੋਸ ਧਰਨੇ ਅੰਦਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ।