Simarjit Singh Bains: ਜ਼ਸਨ-ਏ-ਇਨਕਲਾਬ ਦੌਰਾਨ ਸਰਕਾਰ ਨੇ ਆਪਣੇ ਸੋਹਲੇ ਗਾਏ: ਬੈਂਸ
ਸਾਬਕਾ ਵਿਧਾਇਕ ਨੇ ‘ਆਪ’ ਸਰਕਾਰ ਦੀ ਆਲੋਚਨਾ ਕੀਤੀ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਨਸ਼ਿਆਂ ਕਾਰਨ ਹਰ ਰੋਜ਼ ਸੈਂਕੜੇ ਨੌਜਵਾਨ ਆਪਣੀਆਂ ਜਾਨਾਂ ਗੁਆ ਰਹੇ ਹਨ ਜਦਕਿ ਦੂਜੇ ਪਾਸੇ ਭਗਵੰਤ ਮਾਨ ਸਰਕਾਰ ‘ਜ਼ਸਨ-ਏ-ਇਨਕਲਾਬ’ ਮਨਾ ਕੇ ਵੋਟ ਰਾਜਨੀਤੀ ਦੀ ਗੰਦੀ ਖੇਡ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੌਣੇ ਪੰਜ ਸਾਲਾਂ ਦੇ ਰਾਜ ਨੇ ਸੂਬੇ ਨੂੰ ਹਰ ਪੱਖੋਂ ਪਿੱਛੇ ਧੱਕ ਦਿੱਤਾ ਹੈ ਜਦਕਿ ਸੱਤਾ ਹਾਸਲ ਕਰਨ ਲਈ ਪੰਜਾਬ ਵਿੱਚੋਂ ਨਸ਼ਾ ਅਤੇ ਗੈਂਗਸਟਰਵਾਦ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਜੋ ਹੁਣ ਸਿਖਰਾਂ ’ਤੇ ਪਹੁੰਚ ਚੁੱਕਾ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਮਨਾਏ ਜ਼ਸਨ-ਏ-ਇਨਕਲਾਬ ਦੀ ਆੜ ਹੇਠ ਆਮ ਆਦਮੀ ਪਾਰਟੀ ਨੇ ਆਪਣੀ ਸਰਕਾਰ ਦੇ ਸੌਹਲੇ ਗਾਉਣ ਤੋਂ ਸਿਵਾਏੇ ਕੁੱਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੰਤਰੀਆਂ ਅਤੇ ਆਗੂਆਂ ਦੇ ਸਤਾਏ ਹੋਏ ਲੋਕ ਆਤਮ ਹੱਤਿਆਵਾਂ ਕਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਪਿੰਡ ਸਹੁੰ ਚੁੱਕ ਕੇ ਸੂਬੇ ਨੂੰ ਤਰੱਕੀ ਦੇ ਰਾਹ ’ਤੇ ਤੋਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਰਾਜ ਵਿੱਚ ਪੰਜਾਬ ਦੀ ਤਰੱਕੀ ਦਾ ਪਹੀਆ ਬੁਰੀ ਤਰ੍ਹਾਂ ਕਰਜ਼ੇ ਦੀ ਦਲਦਲ ਵਿੱਚ ਧੱਕ ਦਿੱਤਾ ਹੈ ਜਦਕਿ ਸੂਬੇ ਨੂੰ ਇਸ ਦਲਦਲ ਵਿੱਚੋ ਕੱਢਣ ਲਈ ਕਈ ਦਹਾਕੇ ਲੱਗ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ‘ਆਪ’ ਦੇ ਗੁੰਮਰਾਹਕੁੰਨ ਅਤੇ ਝੂਠੇ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।

