ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 5 ਅਗਸਤ
ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਿੰਗਲ ਯੂਜ਼ ਪਲਾਸਟਿਕ ’ਤੇ ਪਾਬੰਦੀ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ ਅਤੇ ਲੋਕਾਂ ਨੂੰ ਪਲਾਸਟਿਕ ਦੇ ਖਤਰਨਾਕ ਪ੍ਰਭਾਵਾਂ ਤੋਂ ਵਾਤਾਵਰਨ ਨੂੰ ਬਚਾਉਣ ਲਈ ਜੂਟ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੁਹਿੰਮ ਦੀ ਸ਼ੁਰੂਆਤ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਰਜਿੰਦਰਪਾਲ ਕੌਰ ਛੀਨਾ, ਦਲਜੀਤ ਸਿੰਘ ਗਰੇਵਾਲ, ਜੀਵਨ ਸਿੰਘ ਸੰਗੋਵਾਲ, ਕੁਲਵੰਤ ਸਿੰਘ ਸਿੱਧੂ, ਅਸ਼ੋਕ ਪਰਾਸ਼ਰ ਪੱਪੀ, ਹਾਕਮ ਸਿੰਘ ਠੇਕੇਦਾਰ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਮੌਜੂਦਗੀ ਵਿੱਚ ਕੀਤੀ ਗਈ। ਸਥਾਨਕ ਸਰਕਾਰੀ ਕਾਲਜ ਭਾਰਤ ਨਗਰ ਚੌਕ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਦੁਕਾਨਦਾਰਾਂ ਨੂੰ ਪਲਾਸਟਿਕ ਕੈਰੀ ਬੈਗ ਦੀ ਕੀਮਤ ਵੀ ਵਸੂਲਣੀ ਚਾਹੀਦੀ ਹੈ ਅਤੇ ਗ੍ਰਾਹਕਾਂ ਨੂੰ ਘਰੋਂ ਕੱਪੜੇ ਜਾਂ ਜੂਟ ਦੇ ਬੈਗ ਲਿਆਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ ਜੋ ਵਾਤਾਵਰਨ ਪੱਖੀ ਅਤੇ ਸਸਤੇ ਹੋਣ। ਉਨ੍ਹਾਂ ਧਰਤੀ ਮਾਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਇਸ ਨੇਕ ਕਾਰਜ ਵਿੱਚ ਲੋਕਾਂ ਨੂੰ ਪੂਰਨ ਸਹਿਯੋਗ ਦੇਣ ਦੀ ਵੀ ਮੰਗ ਕੀਤੀ।
ਬਾਅਦ ਵਿੱਚ, ਉਨ੍ਹਾਂ ਸਟਾਲਾਂ ਦਾ ਵੀ ਦੌਰਾ ਕੀਤਾ ਜਿੱਥੇ ਮੱਕੀ ਦੇ ਸਟਾਰਚ ਤੋਂ ਬਣੇ ਸਿੰਗਲ ਯੂਜ਼ ਪਲਾਸਟਿਕ ਦੀਆਂ ਬਦਲਵੀਆਂ ਵਸਤੂਆਂ ਪ੍ਰਦਰਸ਼ਿਤ ਕੀਤੀਆਂ ਗਈਆਂ ਸਨ। ਸਮਾਗਮ ਦੌਰਾਨ ਸਥਾਨਕ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੇ ਮੁੱਦੇ ’ਤੇ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ।