ਜ਼ਿਲ੍ਹਾ ਲੁਧਿਆਣਾ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸ ਆਈ ਆਰ-2026) ਪ੍ਰਕਿਰਿਆ ਤਹਿਤ ਸੋਮਵਾਰ ਨੂੰ ਅੰਤਿਮ ਵੋਟਰ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ, ਨਵੀਂ ਅੱਪਡੇਟ ਕੀਤੀ ਵੋਟਰ ਸੂਚੀ ਵਿੱਚ ਹੁਣ ਕੁੱਲ 23,44,070 ਵੋਟਰ ਦਰਜ ਹਨ। ਵਿਸ਼ੇਸ਼ ਸੁਧਾਈ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਜ਼ਿਲ੍ਹੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 26,83,999 ਸੀ, ਜਿਸ ਦੌਰਾਨ ਵੱਖ-ਵੱਖ ਕਾਰਨਾਂ ਕਰ ਕੇ 3,39,929 ਵੋਟਰਾਂ ਦੇ ਨਾਂ ਸੂਚੀ ਵਿੱਚੋਂ ਖ਼ਾਰਜ ਕਰ ਦਿੱਤੇ ਗਏ ਹਨ। ਪਹਿਲੀ ਅਕਤੂਬਰ 2026 ਦੀ ਮਿਤੀ ਦੇ ਆਧਾਰ ’ਤੇ ਤਿਆਰ ਕੀਤੀ ਗਈ ਇਸ ਅੰਤਿਮ ਸੂਚੀ ਵਿੱਚ 12,16,462 ਪੁਰਸ਼, 11,27,537 ਮਹਿਲਾ ਅਤੇ 71 ਟਰਾਂਸਜੈਂਡਰ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ 471 ਪਰਵਾਸੀ ਭਾਰਤੀ (ਐੱਨ ਆਰ ਆਈ) ਵੋਟਰਾਂ ਦੇ ਨਾਂ ਵੀ ਦਰਜ ਹਨ। ਜ਼ਿਲ੍ਹੇ ਭਰ ਵਿੱਚ ਕੁੱਲ 3,031 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 1,528 ਸ਼ਹਿਰੀ ਅਤੇ 1,503 ਪੇਂਡੂ ਖੇਤਰਾਂ ਵਿੱਚ ਸਥਿਤ ਹਨ।
ਅੰਤਿਮ ਸੂਚੀ ਜਾਰੀ ਕਰਨ ਮਗਰੋਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਸੋਧਾਂ ਬਾਰੇ ਜਾਣਕਾਰੀ ਦਿੱਤੀ। ਪ੍ਰਸ਼ਾਸਨ ਅਨੁਸਾਰ ਸਾਲ 2026 ਦੀ ਅੰਤਿਮ ਵੋਟਰ ਸੂਚੀ ਬਿਨਾਂ ਫ਼ੋਟੋ ਤੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਧਿਕਾਰਤ ਵੈੱਬਸਾਈਟ ’ਤੇ ਅਪਲੋਡ ਕਰ ਦਿੱਤੀ ਗਈ ਹੈ। ਵੋਟਰ ਔਨਲਾਈਨ ਆਪਣਾ ਨਾਂ ਅਤੇ ਹੋਰ ਵੇਰਵੇ ਦੇਖ ਸਕਦੇ ਹਨ। ਇਸ ਤੋਂ ਇਲਾਵਾ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰ (ਈ ਆਰ ਓ) ਦੇ ਦਫ਼ਤਰ ਜਾ ਕੇ ਵੀ ਜਾਣਕਾਰੀ ਲਈ ਜਾ ਸਕਦੀ ਹੈ।

