ਹਿਮਾਂਸ਼ੂ ਸੂਦ
ਮੰਡੀ ਗੋਬਿੰਦਗੜ੍ਹ, 5 ਨਵੰਬਰ
ਇਥੋਂ ਦੀ ਵਿਧੀ ਚੰਦ ਕਲੋਨੀ ਵਿੱਚ ਨੌਜਵਾਨ ਨੇ ਆਪਣੀ ਛੋਟੀ ਭੈਣ ਤੇ ਭਰਾ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਊਨ੍ਹਾਂ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਵਿਚ ਦਾਖਲ ਕਰਵਾਇਆ ਗਿਆ ਤੇ ਭਰਾ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ। ਜ਼ਖ਼ਮੀਆਂ ਦੀ ਪਛਾਣ ਸੋਨੀਆ (18) ਅਤੇ ਗੁਰਜੰਟ ਸਿੰਘ (22) ਵਜੋਂ ਹੋਈ ਹੈ। ਊਹ ਵਿਧੀ ਚੰਦ ਕਲੋਨੀ ਵਿਚ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜੱਗਾ ਸਿੰਘ ਨੇ ਆਪਣੇ ਭਾਈ-ਭੈਣ ਨਾਲ ਝਗੜਾ ਹੋਣ ਤੋਂ ਬਾਅਦ ਘਰ ਵਿਚ ਪਏ ਚਾਕੂ ਨਾਲ ਵਾਰ ਕਰਕੇ ਦੋਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਉਸ ਨੇ ਆਪਣੀ ਭੈਣ ਦੀ ਪਿੱਠ ਵਿੱਚ ਅਤੇ ਭਰਾ ਦੇ ਪੇਟ ਵਿੱਚ ਚਾਕੂ ਮਾਰੇ। ਘਟਨਾ ਤੋਂ ਤੁਰੰਤ ਬਾਅਦ ਇਲਾਕਾ ਵਾਸੀਆਂ ਨੇ ਜੱਗਾ ਸਿੰਘ ਨੂੰ ਰੱਸੀ ਨਾਲ ਬੰਨ੍ਹ ਦਿੱਤਾ ਤੇ ਪੁਲੀਸ ਹਵਾਲੇ ਕਰ ਦਿੱਤਾ। ਮੌਕੇ ’ਤੇ ਪਹੁੰਚੀ ਐਂਬੂਲੈਂਸ ਰਾਹੀਂ ਦੋਹਾਂ ਜ਼ਖ਼ਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ ਗਿਆ ਤੇ ਭਰਾ ਨੂੰ ਪਟਿਆਲਾ ਦੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।
ਥਾਣਾ ਮੰਡੀ ਗੋਬਿੰਦਗੜ੍ਹ ਦੇ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੇ ਬਿਆਨ ਦੇ ਆਧਾਰ ’ਤੇ ਜੱਗਾ ਸਿੰਘ ਖਿਲਾਫ਼ ਅਪਰਾਧਿਕ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ।