ਲੁਧਿਆਣਾ ਵਿੱਚ ਸਥਿਤੀ ਕਾਬੂ ਹੇਠ: ਮੁੰਡੀਆਂ
ਸਨਅਤੀ ਸ਼ਹਿਰ ਦੇ ਸਤਲੁਜ ਦਰਿਆ ਦੇ ਨਾਲ ਲੱਗਦੀ ਹੋਈ ਸਸਰਾਲੀ ਕਲੋਨੀ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੇ ਨਾਲ ਮੌਕੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪੁਸ਼ਟੀ ਕੀਤੀ ਕਿ ਪਾਣੀ ਦਾ ਪੱਧਰ ਘਟ ਗਿਆ ਹੈ ਅਤੇ ਲੁਧਿਆਣਾ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।
ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਸ੍ਰੀ ਮੁੰਡੀਆਂ ਨੇ ਕਿਹਾ ਕਿ ਇੱਥੇ ਸਸਰਾਲੀ ਕਲੋਨੀ ਵਿੱਚ ਸਤਲੁਜ ਦਰਿਆ ਨੇ ਕੁਝ ਝੋਨੇ ਅਤੇ ਪਾਪੂਲਰ ਦੇ ਰੁੱਖਾਂ ਦੇ ਖੇਤਾਂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਦੇ ਹੱਲ ਲਈ ਮੰਤਰੀ ਨੇ ਐਲਾਨ ਕੀਤਾ ਕਿ ਨੁਕਸਾਨ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਮੁੰਡੀਆਂ ਨੇ ਭਰੋਸਾ ਦਿਵਾਇਆ ਕਿ ਜਿਵੇਂ ਹੀ ਹੜ੍ਹਾਂ ਦਾ ਪਾਣੀ ਘਟ ਜਾਵੇਗਾ, ਨਿਸ਼ਚਿਤ ਸਮਾਂ-ਸੀਮਾ ਦੇ ਅੰਦਰ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਣ ਅਤੇ ਰਾਹਤ ਦੇਣ ਲਈ ਮੰਤਰੀਆਂ ਦੇ ਸਮੂਹਾਂ ਨੂੰ ਨਿਯੁਕਤ ਕੀਤਾ ਹੈ। ਸ੍ਰੀ ਮੁੰਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਹਰ ਕਿਸਾਨ ਨੂੰ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਵਚਨਬੱਧ ਹਨ ਤੇ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਪੰਜਾਬ ਭਰ ਵਿੱਚ ਜਲਦੀ ਹੀ ਆਮ ਵਰਗੀ ਸਥਿਤੀ ਬਣ ਜਾਵੇ। ਇਸ ਮੌਕੇ ਼ਡੀਸੀ ਸ੍ਰੀ ਜੈਨ ਨੇ ਦੱਸਿਆ ਕਿ ਸਾਰੀਆਂ ਸਬ-ਡਿਵੀਜ਼ਨਾਂ ਵਿੱਚ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਐਮਰਜੈਂਸੀ ਦਾ ਜਵਾਬ ਦੇਣ ਲਈ ਢੁੱਕਵਾਂ ਸਟਾਫ਼ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕਿਸਮ ਦੀ ਔਖੀ ਘੜੀ ’ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਏਸੀ) ਦੇ ਕੰਟਰੋਲ ਰੂਮ ਨਾਲ ਫੋਨ ਨੰਬਰ 0161-2433100 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਸਬ-ਡਿਵੀਜ਼ਨਲ ਕੰਟਰੋਲ ਰੂਮ ਦੇ ਨੰਬਰ ਇਸ ਪ੍ਰਕਾਰ ਹਨ: ਲੁਧਿਆਣਾ ਪੂਰਬੀ (0161-2922330), ਲੁਧਿਆਣਾ ਪੱਛਮੀ (0161-2412555), ਜਗਰਾਉਂ (01624-223256), ਖੰਨਾ (01628-226091), ਸਮਰਾਲਾ (01628-262354), ਪਾਇਲ (01628-276892), ਰਾਏਕੋਟ (01624-264350) ਅਤੇ ਐੱਮਸੀ ਲੁਧਿਆਣਾ (0161-2749120)।
ਸਿੰਜਾਈ ਵਿਭਾਗ ਨੂੰ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਦੀ ਹਦਾਇਤ
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦਹੁਰਾਇਆ ਕਿ ਲੁਧਿਆਣਾ ਵਿੱਚ ਸਥਿਤੀ ਆਮ ਵਾਂਗ ਹੈ। ਉਨ੍ਹਾਂ ਸਿੰਜਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਧੁੱਸੀ ਬੰਨ੍ਹ ਨੂੰ ਤੁਰੰਤ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਚੌਕਸ ਹੈ ਅਤੇ ਸਥਿਤੀ ਕਾਬੂ ਹੇਠ ਹੈ। ਰਾਹਤ ਯਤਨਾਂ ਨੂੰ ਸੁਚਾਰੂ ਬਣਾਉਣ ਲਈ ਸ੍ਰੀ ਜੈਨ ਨੇ ਕਿਹਾ ਕਿ ਲੁਧਿਆਣਾ ਦੇ ਸਾਰੇ ਸਬ-ਡਿਵੀਜ਼ਨਲ ਮੈਜਿਸਟਰੇਟ (ਐੱਸਡੀਐੱਮਜ਼) ਨੂੰ ਅਸਲ ਸਮੇਂ ਦੀ ਨਿਗਰਾਨੀ ਲਈ ਸਟੇਸ਼ਨਾਂ ’ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।